ਸੁਰਜੀਤ ਮਜਾਰੀ
ਬੰਗਾ, 17 ਅਗਸਤ
ਅੱਜ ਵਿਧਾਨ ਸਭਾ ਹਲਕਾ ਬੰਗਾ ਦੇ ਸਾਰੇ ਪਿੰਡਾਂ ’ਚ ਲੋਕਾਂ ਵੱਲੋਂ ਨੌਕਰੀਆਂ, ਪੈਨਸ਼ਨ, ਸ਼ਗਨ ਸਕੀਮ ਅਤੇ ਨੀਲੇ ਕਾਰਡਾਂ ਦੇ ਮੁੱਦਿਆਂ ’ਤੇ ਰੋਸ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਲਾਭ ਸਕੀਮਾਂ ਲਈ ਚੋਣਾਂ ’ਚ ਕੀਤੇ ਵਾਅਦੇ ਯਾਦ ਕਰਵਾਏ ਅਤੇ ਉਨ੍ਹਾਂ ਨੂੰ ਪੂਰਾ ਨਾ ਕੀਤੇ ਜਾਣ ਦੀ ਆਲੋਚਨਾ ਕੀਤੀ। ਹਲਕੇ ਦੇ ਪਿੰਡ ਮਜਾਰੀ, ਚੱਕ ਕਲਾਲ, ਗੋਸਲ, ਕਟ, ਬਹਿਰਾਮ, ਫਰਾਲਾ, ਕਟਾਰੀਆਂ, ਸਰਹਾਲ ਤੇ ਤਲਵੰਡੀ ਆਦਿ ਪਿੰਡਾਂ ’ਚ ਮੁਜ਼ਾਹਰਾਕਾਰੀਆਂ ਨੇ ਕਿਹਾ ਕਿ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਉਕਤ ਮੰਗਾਂ ’ਤੇ ਅਮਲ ਨਾ ਹੋਣਾ ਬਰਦਾਸ਼ਤ ਤੋਂ ਬਾਹਰ ਹੈ। ਉਨ੍ਹਾਂ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੱਤਾਧਾਰੀਆਂ ਵੱਲੋਂ ਕਹਿਣੀ ਤੇ ਕਰਨੀ ’ਚ ਫ਼ਰਕ ਪਾ ਕੇ ਕੀਤੇ ਗਏ ਧੋਖੇ ਦਾ ਖ਼ਮਿਆਜ਼ਾ ਭੁਗਤਣ ਲਈ 2022 ’ਚ ਤਿਆਰ ਰਹਿਣਾ ਚਾਹੀਦਾ ਹੈ।
ਇਸ ਦੌਰਾਨ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਅੱਜ ਸਮਾਜ ਦਾ ਹਰ ਵਰਗ ਸਰਕਾਰ ਦੀਆਂ ਨਕਾਮੀਆਂ ਤੋਂ ਬੇਹੱਦ ਦੁੱਖੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਾਪਤ ਕਰਨ ਲਈ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ’ਚ ਸੱਤਾ ਤਬਦੀਲੀ ਕਰ ਕੇ ਸਮੇਂ ਦੇ ਹਾਕਮਾਂ ਨੂੰ ਕਰਾਰਾ ਜਵਾਬ ਦਿੱਤਾ ਜਾਵੇਗਾ।