ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਕੱਟ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸੰਘਰਸ਼ਸ਼ੀਲ ਕਿਸਾਨਾਂ ਨੂੰ ਅਜਿਹੀਆਂ ਕਾਰਵਾਈਆਂ ਨਾਲ ਲੋਕਾਂ ਲਈ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਆਪਣਾ ਸੰਘਰਸ਼ ਉਸੇ ਸੰਜਮ ਵਿੱਚ ਰਹਿ ਕੇ ਜਾਰੀ ਰੱਖਣ ਦੀ ਵੀ ਅਪੀਲ ਕੀਤੀ ਹੈ ਜਿਵੇਂ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਜ਼ਾਬਤੇ ਵਿੱਚ ਰਹਿ ਕੇ ਰੱਖ ਰਹੇ ਹਨ। ਕਿਸਾਨਾਂ ਨੂੰ ਟੈਲੀਕਾਮ ਕੁਨੈਕਸ਼ਨ ਜਬਰੀ ਕੱਟ ਦੇਣ ਜਾਂ ਟੈਲੀਕਾਮ ਸੇਵਾਵਾਂ ਦੇਣ ਵਾਲਿਆਂ ਦੇ ਮੁਲਾਜ਼ਮਾਂ/ਤਕਨੀਕੀ ਕਰਮਚਾਰੀਆਂ ਨਾਲ ਹੱਥੋਪਾਈ ਕਰ ਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬ ਅਤੇ ਇਸ ਦੇ ਭਵਿੱਖ ਦੇ ਹਿੱਤ ਵਿੱਚ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਮੋਬਾਈਲ ਟਾਵਰਾਂ ਦੀ ਬਿਜਲੀ ਸਪਲਾਈ ਬੰਦ ਕਰਨ ਕਰਨ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਰੁਕਾਵਟ ਪਈ ਹੈ। ਇਸ ਨਾਲ ਆਨਲਾਈਨ ਸਿੱਖਿਆ ’ਤੇ ਨਿਰਭਰ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਮਹਾਮਾਰੀ ਕਾਰਨ ਘਰ ਤੋਂ ਕੰਮ ਕਰ ਰਹੇ ਲੋਕਾਂ ਨੂੰ ਵੀ ਮੁਸ਼ਕਲ ਆਈ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸੇਵਾਵਾਂ ਵਿਚ ਵਿਘਨ ਪੈਣ ਕਾਰਨ ਆਰਥਿਕ ਸੰਕਟ ਹੋਰ ਗਹਿਰਾ ਹੋ ਜਾਵੇਗਾ। ਇਸ ਦਾ ਖੇਤੀਬਾੜੀ ਖੇਤਰ ’ਤੇ ਵੀ ਗੰਭੀਰ ਅਸਰ ਪਏਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਦੂਰਸੰਚਾਰ ਖੇਤਰ ਵਿਚ ਵਧੇਰੇ ਨਿਵੇਸ਼ ਨੂੰ ਖਿੱਚਣ ਵਿਚ ਵੀ ਅੜਿੱਕਾ ਪੈ ਸਕਦਾ ਹੈ।