ਦੇਵਿੰਦਰ ਮੋਹਨ ਬੇਦੀ
ਗਿੱਦੜਬਾਹਾ, 6 ਨਵੰਬਰ
ਪਾਕਿਸਤਾਨ ਵਲੋਂ ਗੁਰਦੁਆਰਾ ਕਰਤਾਰਪੁਰ ਦਾ ਪ੍ਰਬੰਧ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲੈਣਾ ਮੰਦਭਾਗਾ ਹੈ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਲਈ ਕਿਹਾ ਹੈ। ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਦਿੱਲੀ ਵਿਖੇ ਲਾਏ ਗਏ ਧਰਨੇ ਨੂੰ ਕਾਂਗਰਸ ਦਾ ਸਿਆਸੀ ਡਰਾਮਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਮਸਲੇ ਨੂੰ ਹੱਲ ਕਰਵਾਉਣ ਦੀ ਬਜਾਏ ਇਸ ਨੂੰ ਲਟਕਾਉਣ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਭਾਵਨਾਵਾਂ ਸਮਝਣ ਨੂੰ ਹੀ ਤਿਆਰ ਨਹੀਂ ਹੈ ਪਰ ਭਾਜਪਾ ਨੂੰ ਚੋਣਾਂ ਵਿਚ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਇਸ ਮੌਕੇ ਬੀਬੀ ਗੁਰਦਿਆਲ ਕੌਰ ਮੱਲਣ, ਸੰਨੀ ਢਿੱਲੋਂ, ਜਥੇਦਾਰ ਗੁਰਪਿਆਰ ਸਿੰਘ ਮੱਲਣ ਹਾਜ਼ਰ ਸਨ।