ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਅਗਸਤ
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸਾਬਕਾ ਮੁਖ ਸਕੱਤਰ ਤੋਂ ਲੈ ਕੇ ਸਕੱਤਰ, ਮੀਤ ਸਕੱਤਰ, ਸੁਪਰਵਾਈਜ਼ਰ, ਸੇਵਾਦਾਰ ਆਦਿ ਸਮੇਤ 12 ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਪੰਜ ਕਰਮਚਾਰੀਆਂ ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਪੰਜ ਨੂੰ ਮੁਅੱਤਲ ਕੀਤਾ ਗਿਆ ਹੈ। ਐਸਐਸ ਕੋਹਲੀ ਚਾਰਟਰਡ ਅਕਾਊਂਟੈਂਟ ਕੰਪਨੀ ਦੀਆਂ ਸੇਵਾਵਾਂ ਬੰਦ ਕਰਨ ਅਤੇ 75 ਫੀਸਦ ਵਸੂਲੀ ਲਈ ਕਾਨੂੰਨੀ ਕਾਰਵਾਈ ਕਰਨ ਸਮੇਤ ਜਿਲਦਸਾਜੀ ਦਾ ਠੇਕਾ ਵੀ ਰੱਦ ਕਰ ਦਿੱਤਾ ਗਿਆ ਹੈ। ਅੱਜ ਸ਼ਾਮ ਨੂੰ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਮੈਡੀਕਲ ਸਾਇੰਸਿਜ ਦੇ ਵਿਹੜੇ ਵਿਚ ਕੀਤੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਵਲੋਂ ਭੇਜੀ ਗਈ ਜਾਂਚ ਰਿਪੋਰਟ ’ਤੇ ਕਾਰਵਾਈ ਕਰਦਿਆਂ ਸਾਬਕਾ ਮੁਖ ਸਕੱਤਰ ਹਰਚਰਨ ਸਿੰਘ ਨੂੰ ਵੀ ਲਾਪਰਵਾਹੀ ਵਰਤਣ ਦਾ ਦੋਸ਼ੀ ਪਾਇਆ ਗਿਆ ਹੈ। ਉਨ੍ਹਾਂ ਦੇ ਵੇਲੇ ਵਿਚ ਹੀ ਇਹ ਪਾਵਨ ਸਰੂਪ ਰਿਕਾਰਡ ਵਿਚੋਂ ਘਟੇ ਹਨ। ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੌਜੂਦਾ ਮੁਖ ਸਕੱਤਰ ਡਾ. ਰੂਪ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ, ਜੋ ਪ੍ਰਵਾਨ ਕਰ ਲਿਆ ਗਿਆ ਹੈ। ਸਕੱਤਰ ਮਨਜੀਤ ਸਿੰਘ ਨੂੰ ਮੁਅਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪਬਲੀਕੇਸ਼ਨ ਵਿਭਾਗ ਦੇ ਮੀਤ ਸਕੱਤਰ ਗੁਰਬਚਨ ਸਿੰਘ, ਕਲਰਕ ਬਾਜ ਸਿੰਘ, ਹੈਲਪਰ ਦਲਬੀਰ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ ਅਤੇ ਇਨ੍ਹਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਾਇਆ ਜਾਵੇਗਾ। ਇਸੇ ਤਰ੍ਹਾਂ ਸਹਾਇਕ ਅਕਾਉਂਟੈਂਟ ਜੁਝਾਰ ਸਿੰਘ ਅਤੇ ਗੋਇੰਦਵਾਲ ਦੇ ਅੰਗੀਠਾ ਸਾਹਿਬ ਦੇ ਸੇਵਾਦਾਰ ਅਮਰਜੀਤ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ। ਮੀਤ ਸਕੱਤਰ ਸਤਿੰਦਰ ਸਿੰਘ ਵਿਤ ਵਿਭਾਗ , ਨਿਸ਼ਾਨ ਸਿੰਘ ਮੀਤ ਸਕੱਤਰ, ਪਰਮਜੀਤ ਸਿੰਘ ਇੰਚਾਰਜ, ਗੁਰਮੁਖ ਸਿੰਘ ਸਹਾਇਕ ਸੁਪਰਵਾਈਜਰ ਨੂੰ ਤੁਰੰਤ ਮੁਅਤਲ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਸਾਰਿਆਂ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਸੇਵਾ ਮੁਕਤ ਹੋ ਚੁੱਕੇ ਪਬਲੀਕੇਸ਼ਨ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਕੰਵਲਜੀਤ ਸਿੰਘ ਦੇ ਫੰਡ ਰੋਕਣ ਦਾ ਫੈਸਲਾ ਵੀ ਕੀਤਾ ਗਿਆ ਹੈ।