ਚੰਡੀਗੜ੍ਹ, 8 ਅਪਰੈਲ
ਪੰਜਾਬ ਪੁਲੀਸ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਨਾਲ ‘ਛੇੜਛਾੜ’ ਕਰ ਕੇ ਟਵਿੱਟਰ ’ਤੇ ਸਾਂਝੀ ਕਰਨ ਦੇ ਦੋਸ਼ ਹੇਠ ਦਿੱਲੀ ਦੇ ਭਾਜਪਾ ਆਗੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਹਾਲੀ ਵਿੱਚ ਵੀਰਵਾਰ ਰਾਤ ਨੂੰ ਦਿੱਲੀ ਭਾਜਪਾ ਦੇ ਮੀਡੀਆ ਸੈੱਲ ਦੇ ਮੁਖੀ ਨਵੀਨ ਕੁਮਾਰ ਜਿੰਦਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ‘ਆਪ’ ਦੇ ਪੰਜਾਬ ਵਿੱਚ ਸੱਤਾ ’ਚ ਆਉਣ ਮਗਰੋਂ ਦਿੱਲੀ ਭਾਜਪਾ ਆਗੂ ਖ਼ਿਲਾਫ਼ ਇਹ ਦੂਜਾ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਦੋਸ਼ ਲਇਆ ਕਿ ਜਿੰਦਲ ਨੇ ਅਰਵਿੰਦ ਕੇਜਰੀਵਾਲ ਵੱਲੋਂ ਇੱਕ ਟੀਵੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਦੀ ਅਸਲ ਫੁਟੇਜ ਤੋਂ ਇੱਕ ਕੱਟੀ ਹੋਈ ਵੀਡੀਓ ਆਪਣੇ ਟਵਿੱਟਰ ਹੈਂਡਲ ’ਤੇ ਸਾਂਝੀ ਕੀਤੀ ਅਤੇ ਅਸਲ ਸਮੱਗਰੀ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ। ਐੱਸਐੱਚਓ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਕੱਟੀ ਹੋਈ ਵੀਡੀਓ ਵਿੱਚੋਂ ਦਿੱਲੀ ਦੇ ਮੁੱਖ ਮੰਤਰੀ ਦੇ ਕੁੱਝ ਸ਼ਬਦ ਹਟਾ ਦਿੱਤੇ ਗਏ ਹਨ। ਇਹ ਵੀਡੀਓ ਛੇ ਅਪਰੈਲ ਨੂੰ ਸਾਂਝੀ ਕੀਤੀ ਗਈ ਸੀ। -ਪੀਟੀਆਈ