ਪੱਤਰ ਪ੍ਰੇਰਕ
ਪਟਿਆਲਾ, 30 ਅਕਤੂਬਰ
ਪੰਜਾਬ ਸਰਕਾਰ ਵੱਲੋਂ ਐਲੀਮੈਂਟਰੀ ਅਧਿਆਪਕਾਂ ਦੀਆਂ ਮੰਗਾਂ ਮੰਨੇ ਜਾਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਨ ਲਈ ਅੱਜ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਪ੍ਰਧਾਨ ਮਨੋਜ ਘਈ ਦੀ ਅਗਵਾਈ ਹੇਠ ਇੱਕ ਵਫ਼ਦ ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਪੰਨੂ ਕੋਲ ਪੁੱਜਿਆ। ਵਫ਼ਦ ਨੇ ਮੁੱਖ ਮੰਤਰੀ ਦੇ ਨਾਂ ਧੰਨਵਾਦ ਪੱਤਰ ਸ੍ਰੀ ਪੰਨੂ ਨੂੰ ਸੌਂਪਿਆ ਤੇ ਮੰਗਾਂ ਮੰਨੇ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸ੍ਰੀ ਪੰਨੂ ਨੇ ਵਫ਼ਦ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਕੈਪਟਨ ਸਰਕਾਰ ਵੇਲੇ ਧਰਨੇ ਦੌਰਾਨ ਜਿਨ੍ਹਾਂ ਅਧਿਆਪਕਾਂ ’ਤੇ ਕੇਸ ਦਰਜ ਕੀਤੇ ਗਏ ਸਨ ਅਤੇ ਜਿਨ੍ਹਾਂ ਦੀ ਕਾਰਵਾਈ ਹੁਣ ਅਦਾਲਤ ਵਿੱਚ ਵਿਚਾਰ ਅਧੀਨ ਹੈ, ਉਹ ਕੇਸ ਵਾਪਸ ਲੈ ਲਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਛੇਤੀ ਹੀ ਸਿੱਖਿਆ ਵਿਭਾਗ ਨੂੰ ਕਹਿ ਕੇ ਕੇਸ ਵਾਪਸ ਲੈਣ ਲਈ ਆਖਣਗੇ। ਇਸ ਮੌਕੇ ਵਫ਼ਦ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ 6 ਫੀਸਦ ਡੀਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।