ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭਾਜਪਾ ’ਤੇ ‘ਆਪ’ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਕਰਨ ਦੇ ਲਾਏ ਦੋਸ਼ਾਂ ਦੀ ਸੀਬੀਆਈ ਅਤੇ ਈਡੀ ਜਾਂਚ ਹੋਣੀ ਚਾਹੀਦੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਦੇ ਵੀ ਇਸ ਪੱਧਰ ’ਤੇ ਰਿਸ਼ਵਤਖੋਰੀ ਦੇ ਦੋਸ਼ ਨਹੀਂ ਲੱਗੇ, ਇਸ ਲਈ ਇਹ ਕੇਸ ਕੇਂਦਰੀ ਏਜੰਸੀਆਂ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਤੇ ਇਸ ਮਾਮਲੇ ’ਤੇ ਹਾਈਕੋਰਟ ਦੀ ਨਿਗਰਾਨੀ ਹੇਠ ਜਾਂਚ ਹੋਣੀ ਚਾਹੀਦੀ ਹੈ। ਸ੍ਰੀ ਮਜੀਠੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਵੱਲੋਂ ਇਸ ਮਾਮਲੇ ’ਤੇ ਭਲਕੇ ਚੰਡੀਗੜ੍ਹ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਏਗਾ।