ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਪਰੈਲ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ 11ਵੇਂ ਦਿਨ ਵਾਧੇ ਲਈ ‘ਆਪ’ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਠੀਕ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰ ਕੇ ਮੋਦੀ ਸਰਕਾਰ ਦੇਸ਼ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ। ਸ੍ਰੀ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਉਦੇਸ਼ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਭਰਮਾ ਕੇ ਚੋਣ ਜਿੱਤਣਾ ਹੈ। ਵਿਧਾਨ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਭਰਮਾਉਣ ਲਈ ਤੇਲ ਕੰਪਨੀਆਂ ’ਤੇ ਕੀਮਤਾਂ ਨਾ ਵਧਾਉਣ ਦਾ ਦਬਾਅ ਪਾ ਕੇ ਇਸ ਦਾ ਲਾਹਾ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜਿਹੜੇ ਲੋਕ ਕੁਰਸੀ ’ਤੇ ਬਿਠਾਉਂਦੇ ਹਨ, ਉਹ ਲਾਹੁਣਾ ਵੀ ਜਾਣਦੇ ਹਨ।