ਪੱਤਰ ਪ੍ਰੇਰਕ
ਸ਼ਹਿਣਾ, 1 ਮਾਰਚ
ਸਾਬਕਾ ਮੰਤਰੀ ਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਆਖਿਆ ਕਿ ਯੂਕਰੇਨ-ਰੂਸ ਜੰਗ ਕਾਰਨ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਕੇਂਦਰ ਸਰਕਾਰ ਸੰਜੀਦਾ ਨਹੀਂ ਹੈ। ਲੋਕਾਂ ਦੇ ਧੀ-ਪੁੱਤ ਮੌਤ ਦੇ ਮੂੰਹ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਚਿੰਤਾ ਲੱਗੀ ਹੋਈ ਹੈ ਪਰ ਕੁਝ ਨਹੀਂ ਕਰ ਰਹੀ। ਉਨ੍ਹਾਂ ਆਖਿਆ ਕਿ ਜੇਕਰ ਵੱਡੇ ਆਗੂਆਂ ਦੇ ਆਪਣੇ ਬੱਚੇ ਯੂਕਰੇਨ ਵਿੱਚ ਫਸੇ ਹੁੰਦੇ ਤਾਂ ਉਨ੍ਹਾਂ ਨੂੰ ਨੀਂਦ ਆ ਜਾਣੀ ਸੀ? ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਟਰੈਵਲ ਏਜੰਟਾਂ ਦੇ ਧੱਕੇ ਚੜ੍ਹੇ ਨੌਜਵਾਨਾਂ ਨੂੰ ਕਢਾਉਣ ਲਈ ਹਰ ਸੰਭਵ ਯਤਨ ਕਰੇਗੀ। ਪੰਜਾਬ ਦੀ ਰਾਜਨੀਤੀ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਸਪੱਸ਼ਟ ਬਹੁਮਤ ਮਿਲਣ ਦੀ ਸੰਭਾਵਨਾ ਨਹੀਂ ਹੈ ਪਰ ‘ਆਪ’ ਨੂੰ ਦੂਸਰੀਆਂ ਪਾਰਟੀਆਂ ਨਾਲੋਂ ਵੱਧ ਲੋਕ ਹਮਾਇਤ ਮਿਲਣ ਦੀ ਆਸ ਜ਼ਰੂਰ ਹੈ।