ਪੱਤਰ ਪ੍ਰੇਰਕ
ਰਈਆ, 6 ਦਸੰਬਰ
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਮੋਦੀ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਪ੍ਰੋ. ਸਰਚਾਂਦ ਸਿੰਘ ਨੇ ਇੱਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬਾਬਾ ਹਰਨਾਮ ਸਿੰਘ ਨੇ ਕਿਸਾਨੀ ਦੀ ਦੁਰਦਸ਼ਾ ਲਈ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੁਤਾਬਕ ਇਸ ਦਾ ਹੱਲ ਕੱਢਣ ਲਈ ਕਿਹਾ। ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਵੱਲੋਂ ਜਥੇਦਾਰ ਸੁਖਦੇਵ ਸਿੰਘ, ਗਿਆਨੀ ਸਾਹਿਬ ਸਿੰਘ, ਭਾਈ ਰਵਿੰਦਰਪਾਲ ਸਿੰਘ ਰਾਜੂ ਦੀ ਅਗਵਾਈ ਹੇਠ ਇੱਕ ਜਥਾ ਕੁੰਡਲੀ ਹੱਦ ’ਤੇ ਲੱਗੇ ਮੋਰਚੇ ’ਚ ਭੇਜਿਆ ਗਿਆ ਹੈ। ਇਥੇ ਮੋਰਚੇ ਵਿੱਚ ਟਕਸਾਲ ਵੱਲੋਂ ਬਦਾਮਾਂ ਦਾ ਲੰਗਰ ਅਤੇ ਮੁਫ਼ਤ ਮੈਡੀਕਲ ਕੈਂਪ ਵੀ ਲਾਇਆ ਗਿਆ ਹੈ।