ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 19 ਸਤੰਬਰ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿੱਚ ਇਕ ਪੱਤਰਕਾਰ ਸੰਮੇਲਨ ਦੇ ਦੌਰਾਨ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਪੰਜਾਬ ਨੂੰ ਗੈਰ ਪੰਜਾਬੀ ਲੋਕ ਚਲਾ ਰਹੇ ਹਨ। ਚੰਦੂਮਾਜਰਾ ਨੇ ਐੱਸਵਾਈਐੱਲ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮੁੱਦੇ ’ਤੇ ਕੇਂਦਰ ਦੀ ਭਾਜਪਾ ਸਰਕਾਰ ਬਿਨਾਂ ਕੋਈ ਰਾਜਨੀਤੀ ਕੀਤੇ ਪੰਜਾਬ ਦਾ ਬਣਦਾ ਹੱਕ ਪੰਜਾਬ ਨੂੰ ਦੇਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਕਾਂਗਰਸ ਦੇ ਰਾਹ ’ਤੇ ਨਹੀਂ ਤੁਰਨਾ ਚਾਹੀਦਾ ਅਤੇ ਪੰਜਾਬ ਦੇ ਹੱਕਾਂ ਦੀ ਪੂਰਤੀ ਦੇ ਲਈ ਕੰਮ ਕਰਨਾ ਚਾਹੀਦਾ ਹੈ।
ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ
ਨੰਗਲ (ਨਿੱਜੀ ਪੱਤਰ ਪ੍ਰੇਰਕ): ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਸਥਾਨਕ ਸਤਲੁੱਜ ਸਦਨ ਵਿੱਚ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਉਪੰਰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸੂਬੇ ਦੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪੰਜਾਬੀਆਂ ਨੂੰ ਲਾਮਬੰਦ ਕਰੇਗਾ ਅਤੇ ਪਾਰਟੀ ਨੂੰ ਆਏ ਨਿਘਾਰ ਵਿੱਚੋਂ ਕੱਢਣ ਲਈ ਬੂਥ ਪੱਧਰ ਤੇ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇਗਾ।