ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਨਵੰਬਰ
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੋਦੀ ਸਰਕਾਰ ਨੂੰ ਆਖਿਆ ਕਿ ਉਹ ਲੋਕਾਂ ਨੂੰ ਰਾਸ਼ਟਰਵਾਦ ਦਾ ਪਾਠ ਪੜ੍ਹਾਉਣ ਦੀ ਥਾਂ ਦੇਸ਼ ਵਿਚ ਸੰਘੀ ਢਾਂਚਾ ਸਥਾਪਤ ਕਰੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜਮਹੂਰੀਅਤ ਕਦਰਾਂ ਕੀਮਤਾਂ ਨੂੰ ਖ਼ਤਮ ਕਰ ਦਿੱਤਾ ਹੈ। ਇਕ ਬਿਆਨ ਵਿਚ ਬ੍ਰਹਮਪੁਰਾ ਨੇ ਆਖਿਆ ਕਿ ਖੇਤੀ ਕਾਨੂੰਨਾਂ ਵਿਰੁੱਧ ਦੋ ਮਹੀਨੇ ਤੋਂ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਕਰ ਰਹੇ ਹਨ ਪਰ ਮੋਦੀ ਸਰਕਾਰ ਕਿਸਾਨ ਸੰਕਟ ਨੂੰ ਹੱਲ ਕਰਨ ਦੀ ਥਾਂ ਲੋਕਾਂ ਨੂੰ ਰਾਸ਼ਟਰਵਾਦ ਦਾ ਪਾਠ ਪੜ੍ਹਾ ਰਹੀ ਹੈ। ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਸੂਬੇ ਅਤੇ ਕਿਸਾਨਾਂ ਦੀ ਸਲਾਹ ਤੋਂ ਬਿਨਾਂ ਹੀ ਨਵੇਂ ਖੇਤੀ ਕਾਨੂੰਨ ਲਾਗੂ ਕਰ ਦਿੱਤੇ ਗਏ ਹਨ, ਜਿਸ ਕਾਰਨ ਦੇਸ਼ ਵਿਚ ਟਕਰਾਅ ਵਾਲੀ ਸਥਿਤੀ ਬਣ ਗਈ ਹੈ।