ਖੇਤਰੀ ਪ੍ਰਤੀਨਿਧ
ਪਟਿਆਲਾ, 24 ਦਸੰਬਰ
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਰਾਸ਼ਟਰਪਤੀ ਨੂੰ ਮਿਲਣ ਗਏ ਕਾਂਗਰਸੀ ਲੋਕ ਸਭਾ ਮੈਂਬਰਾਂ ਤੇ ਹੋਰ ਆਗੂਆਂ ਨੂੰ ਰੋਕੇ ਜਾਣ ਦੀ ਨਿਖੇਧੀ ਕਰਦਿਆਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਹੁਣ ਚੁਣੇ ਨੁਮਾਇੰਦਿਆਂ ਦੀ ਆਵਾਜ਼ ਨੂੰ ਵੀ ਦਬਾਉਣ ਲੱਗੀ ਹੈ। ਇਥੇ ਜਾਰੀ ਕੀਤੇ ਪ੍ਰੈੱਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਅੰਨਦਾਤੇ ਪ੍ਰਤੀ ਇਹ ਉਦਾਸੀਨ ਵਤੀਰਾ ਦੇਸ਼ ਦੇ ਇਤਿਹਾਸ ’ਚ ਕਾਲੇ ਅੱਖਰਾਂ ’ਚ ਲਿਖਿਆ ਜਾਵੇਗਾ। ਪੰਜਾਬ ਕਾਂਗਰਸ ਸੂਬੇ ਦੇ ਖੇਤੀ ਅਰਥਚਾਰੇ ਅਤੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਮੋਦੀ ਹਕੂਮਤ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਹੱਡ ਚੀਰਵੀਂ ਠੰਢ ’ਚ ਆਪਣੇ ਹੱਕਾਂ ਲਈ ਦਿੱਲੀ ਬੈਠੇ ਕਿਸਾਨਾਂ ਦੇ ਪਰਿਵਾਰਾਂ ਦੀ ਹੰਗਾਮੀ ਮਦਦ ਲਈ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੈਲਪਲਾਈਨ 1091 ਅਤੇ ਪੁਲੀਸ ਹੈਲਪ ਲਾਈਨ 112 ਚਲਾਉਣ ਦੇ ਫ਼ੈਸਲੇ ਦੀ ਪ੍ਰੋੜ੍ਹਤਾ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ।