ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 9 ਨਵੰਬਰ
ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਧਾਰਮਿਕ (ਚਿੰਨ੍ਹ) ਨਿਸ਼ਾਨੀਆਂ ’ਤੇ ਕੇਂਦਰ ਸਰਕਾਰ ਵੱਲੋਂ ਲਾਈ ਪਾਬੰਦੀ ਬਾਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਦੀ ਆਜ਼ਾਦੀ ਲਈ ਸਿੱਖਾਂ ਨੇ 90 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਉਸੇ ਦੇਸ਼ ਵਿੱਚ ਮੌਜੂਦਾ ਹਾਕਮ ਸਿੱਖਾਂ ਧਰਮ ਦੀਆਂ ਵਿਰਾਸਤੀ ਨਿਸ਼ਾਨੀਆਂ ’ਤੇ ਪਾਬੰਦੀ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫ਼ੈਸਲਾ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ।
ਬਾਬਾ ਬਲਬੀਰ ਸਿੰਘ ਨੇ ਕਿਹਾ ਕੇਂਦਰ ਦੀ ਸ਼ਹਿਰੀ ਹਵਾਬਾਜ਼ੀ ਸੁਰੱਖਿਆ ਬਿਊਰੋ ਵੱਲੋਂ ਦੇਸ਼ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਸੇਵਾਵਾਂ ਵਿੱਚ ਤਾਇਨਾਤ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਧਾਰਮਿਕ ਚਿੰਨ੍ਹ ਕ੍ਰਿਪਾਨ ਧਾਰਨ ਕਰਨ ’ਤੇ ਪਾਬੰਦੀ ਲਾਉਣ ਵਾਲੇ ਫ਼ੈਸਲੇ ਦੀ ਬੁੱਢਾ ਦਲ ਨਿਖੇਧੀ ਕਰਦਾ ਹੈ। ਕੇਂਦਰ ਦੀ ਮੋਦੀ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖ ਧਰਮ ਦੀਆਂ ਰੀਤਾਂ ਵਿੱਚ ਸਿੱਧਾ ਦਖ਼ਲ ਕਰਾਰ ਦਿੰਦਾ ਹੈ।