ਦਵਿੰਦਰਪਾਲ
ਚੰਡੀਗੜ੍ਹ, 8 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀਨਗਰ ਦੇ ਇਕ ਸਰਕਾਰੀ ਸਕੂਲ ਵਿੱਚ ਬੀਤੇ ਦਿਨ ਦਹਿਸ਼ਤਗਰਦਾਂ ਵੱਲੋਂ ਘੱਟ-ਗਿਣਤੀਆਂ ਨਾਲ ਸਬੰਧਤ ਪ੍ਰਿੰਸੀਪਲ ਤੇ ਅਧਿਆਪਕ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਘਟਨਾ ’ਤੇ ਦੁੱਖ ਪ੍ਰਗਟ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿੱਚ ਉਨ੍ਹਾਂ ਕੇਂਦਰ ਸਰਕਾਰ ਨੂੰ ਸੂਬੇ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਮਨ-ਕਾਨੂੰਨ ਦੀ ਬਹਾਲੀ ਲਈ ਸਾਧਨ ਵਧਾਉਣੇ ਚਾਹੀਦੇ ਹਨ ਤਾਂ ਕਿ ਮੁਲਜ਼ਮਾਂ ਨੂੰ ਤੁਰੰਤ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੰਮੂ ਤੇ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੂੰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੀ ਵੀ ਅਪੀਲ ਕੀਤੀ।
ਚਮਕੌਰ ਸਾਹਿਬ (ਸੰਜੀਵ ਬੱਬੀ): ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਹੋਈ ਮੰਦਭਾਗੀ ਘਟਨਾ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬੇਦੋਸ਼ੇ ਕਿਸਾਨਾਂ ਦੇ ਮਾਰੇ ਜਾਣ ਨਾਲ ਕਿਸਾਨ ਅੰਦੋਲਨ ਖਤਮ ਨਹੀਂ ਹੋਵੇਗਾ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਆਪਣੇ ਪੁੱਤਰ ਦੇ ਵਿਆਹ ਦੇ ਸ਼ੁਕਰਾਨੇ ਵਜੋਂ ਨਤਮਸਤਕ ਹੋਣ ਮਗਰੋਂ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਨੀ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕਾਂਗਰਸ ਹਾਈਕਮਾਨ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਮੰਤਰੀਆਂ ਨੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਉਥੋਂ ਦੇ ਕਿਸਾਨਾਂ ਨਾਲ ਖੜ੍ਹਨ ਦਾ ਵੀ ਵਾਅਦਾ ਕੀਤਾ ਗਿਆ। ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਵੀ ਅਪੀਲ ਕੀਤੀ ਸੀ, ਜਿਸ ’ਤੇ ਉਨ੍ਹਾਂ ਵੱਲੋਂ ਛੇਤੀ ਕੋਈ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਵਿਵੇਕਸ਼ੀਲ ਸੋਨੀ, ਏਡੀਸੀ ਦੀਪ ਸ਼ਿਖਾ, ਐੱਸਡੀਐੱਮ ਪਰਮਜੀਤ ਸਿੰਘ, ਤਹਿਸੀਲਦਾਰ ਚੇਤਨ ਬੰਗੜ, ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ, ਚੇਅਰਮੈਨ ਕਰਨੈਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ, ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ, ਸਮਿਤੀ ਮੈਂਬਰ ਡਾ. ਬਲਵਿੰਦਰ ਸਿੰਘ, ਸਰਪੰਚ ਲਖਵਿੰਦਰ ਸਿੰਘ ਤੇ ਰੋਹਿਤ ਸੱਭਰਵਾਲ ਹਾਜ਼ਰ ਸਨ।
ਮੁੱਖ ਮੰਤਰੀ ਹੰਸਾਲੀ ਸਾਹਿਬ ਹੋਏ ਨਤਮਸਤਕ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਡੇਰਾ ਹੰਸਾਲੀ-ਖੇੜਾ ਵਿੱਚ ਨਤਮਸਤਕ ਹੋਏ ਤੇ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸੰਸਥਾ ਦੇ ਮੁਖੀ ਬਾਬਾ ਪਰਮਜੀਤ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਤੇ ਸੰਤਾਂ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਵੱਲੋਂ ਕੀਤੀਆਂ ਸੇਵਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਮੌਜੂਦਾ ਸਮੇਂ ’ਚ ਪ੍ਰਬੰਧਕਾਂ ਵੱਲੋਂ ਧਾਰਮਿਕ, ਸਮਾਜਿਕ, ਵਿੱਦਿਅਕ ਅਤੇ ਸਿਹਤ ਸੇਵਾਵਾਂ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਸੇਵਾਦਾਰ ਸਾਧੂ ਰਾਮ ਭੱਟਮਾਜਰਾ, ਠੇਕੇਦਾਰ ਅਵਤਾਰ ਸਿੰਘ ਚਨਾਰਥਲ, ਗੁਰਦੇਵ ਸਿੰਘ ਡੰਘੇੜੀਆਂ, ਹਰੀ ਸਿੰਘ ਦੁਭਾਲੀ, ਪਿਆਰਾ ਸਿੰਘ ਹੰਸਾਲੀ ਤੇ ਮਹਿੰਦਰ ਸਿੰਘ ਮੈਨੇਜਰ ਮੌਜੂਦ ਸਨ।