ਪੱਤਰ ਪ੍ਰੇਰਕ
ਅਮਲੋਹ, 23 ਅਕਤੂਬਰ
ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਅਨਾਜ ਮੰਡੀ ਅਮਲੋਹ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੋਸ਼ ਲਾਇਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੋ ਰਹੀ ਬੇਕਦਰੀ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਮੰਡੀਆਂ ਵਿੱਚ ਕਿਸਾਨ ਇਕ ਇਕ ਹਫ਼ਤੇ ਤੋਂ ਰੁਲ ਰਹੇ ਹਨ ਜਦੋਂਕਿ ਪੰਜਾਬ ਦੇ ਮੁੱਖ ਮੰਤਰੀ ਨੇ 24 ਘੰਟੇ ਵਿੱਚ ਖਰੀਦ ਕਰਨ ਦਾ ਦਾਅਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।
ਕੇਂਦਰ ਸਰਕਾਰ ਵੱਲੋਂ ਸ਼ੈਲਰਾਂ ਵਿੱਚੋਂ ਮਾਲ ਨਾ ਚੁਕੇ ਜਾਣ ਦੀ ਆਲੋਚਨਾ ਕਰਦਿਆਂ ਸ੍ਰੀ ਨਾਭਾ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਕਿਸਾਨਾਂ ਨੂੰ ਮੰਡੀਆਂ ਵਿੱਚ ਇਕ ਦਿਨ ਵੀ ਉਡੀਕ ਨਹੀਂ ਸੀ ਕਰਨੀ ਪੈਂਦੀ। ਇਸ ਮੌਕੇ ਵੇਰਕਾ ਦੇ ਡਾਇਰੈਕਟਰ ਅਮਨਦੀਪ ਸਿੰਘ ਰਹਿਲ, ਗੰਗਾ ਪੁਰੀ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੇ ਸ੍ਰੀ ਨਾਭਾ ਨੂੰ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸਾਬਕਾ ਚੇਅਰਮੈਨ ਰਾਜਿੰਦਰ ਬਿੱਟੂ, ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੀਲਮ ਰਾਣੀ, ਰਣਜੀਤ ਸਿੰਘ ਘੋਲਾ ਲੁਹਾਰ
ਮਾਜਰਾ, ਸਮਿਤੀ ਮੈਂਬਰ ਬਲਵੀਰ ਸਿੰਘ ਮਿੰਟੂ ਆਦਿ ਨੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ।
ਐੱਸਐੱਸਪੀ ਵੱਲੋਂ ਅਮਲੋਹ ਮੰਡੀ ਦਾ ਦੌਰਾ
ਅਮਲੋਹ (ਪੱਤਰ ਪ੍ਰੇਰਕ): ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਵੱਲੋਂ ਅੱਜ ਅਮਲੋਹ ਅਨਾਜ ਮੰਡੀ ਦਾ ਦੌਰਾ ਕਰ ਕੇ ਮੰਡੀ ਵਿੱਚ ਖਰੀਦ ਅਤੇ ਚੁਕਾਈ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਤੇ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਦੇ ਨਿਬੇੜੇ ਲਈ ਲੋੜੀਂਦੀ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਐੱਸਪੀ (ਜਾਂਚ) ਰਾਕੇਸ਼ ਯਾਦਵ, ਡੀਐੱਸਪੀ ਹਿਤੇਸ਼ ਕੌਸ਼ਿਕ, ਥਾਣਾ ਅਮਲੋਹ ਦੇ ਮੁਖੀ ਬਲਵੀਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਸੁਰਜੀਤ ਸਿੰਘ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਆਦਿ ਮੌਜੂਦ ਸਨ।