ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਕਿਰਤ ਮੰਤਰੀ ਨੂੰ ਪੱਤਰ ਲਿਖ ਕੇ ਕੋਵਿਡ ਮਹਾਮਾਰੀ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਅੱਜ ਐਂਪਲਾਈਜ਼ ਸਟੇਟ ਇੰਸ਼ੋਰੈਂਸ ਕਾਰਪੋਰੇਸ਼ਨ (ਈ.ਐੱਸ.ਆਈ.ਸੀ.) ਵੱਲੋਂ 18-45 ਸਾਲ ਉਮਰ ਵਰਗ ਦੇ ਸਾਰੇ ਰਜਿਸਟਰਡ ਲਾਭਪਾਤਰੀਆਂ ਦੇ ਮੁਫ਼ਤ ਟੀਕਾਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਕਿਰਤ ਮੰਤਰੀ ਸੰਤੋਸ਼ ਕੁਮਾਰ ਗੰਗਵਾੜ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਇਹ ਉਪਰਾਲਾ ਮੁਲਕ ਦੇ ਸਨਅਤੀ ਕਾਮਿਆਂ ਦੇ ਟੀਕਾਕਰਨ ਲਈ ਮਹੱਤਵਪੂਰਨ ਕਦਮ ਸਾਬਤ ਹੋਵੇਗਾ, ਜੋ ਭਾਰਤ ਸਰਕਾਰ ਦੇ ਕੋਵਿਡ-19 ਵਿਰੁੱਧ ਬਾਲਗ ਆਬਾਦੀ ਦੇ ਟੀਕਾਕਰਨ ਲਈ ਭਾਰਤ ਸਰਕਾਰ ਦੀ ਯੋਜਨਾ ਦਾ ਵੀ ਹਿੱਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟੀਕਾਕਰਨ, ਵਾਇਰਸ ਦੇ ਫੈਲਾਅ ਨੂੰ ਰੋਕਣ ਵਿੱਚ ਸਹਾਈ ਹੋਵੇਗਾ। -ਟ੍ਰਿਬਿਊਨ ਨਿਊਜ਼ ਸਰਵਿਸ