ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਦਸੰਬਰ
ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਬਾਅਦ ਵੀ ਸੰਯੁਕਤ ਕਿਸਾਨ ਮੋਰਚੇ ਦੇ ਫੈ਼ਸਲੇ ਮੁਤਾਬਕ ਸੂਬੇ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਵੱਖ ਵੱਖ ਥਾਈਂ ਲੱਗੇ ਹੋਏ ਧਰਨਿਆਂ ਵਿੱਚ ਅੱਜ ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਸਹੀ ਹੋਣ ਦਾ ਰੌਲਾ ਪਾਉਣ ਵਿਰੁੱਧ ਚਿਤਾਵਨੀ ਦਿੱਤੀ ਹੈ। ਸੰਯੁਕਤ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੇ ਇਸ਼ਾਰੇ ’ਤੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਲਗਾਤਾਰ ਇਹ ਬਿਆਨ ਦੇ ਰਹੇ ਹਨ ਕਿ ‘ਕਾਨੂੰਨ ਚੰਗੇ ਸਨ, ਬਸ ਕੁੱਝ ਕਿਸਾਨਾਂ ਨੂੰ ਸਮਝਾ ਨਹੀਂ ਸਕੇ’। ਉਨ੍ਹਾਂ ਕਿਹਾ ਕਿ ਹੁਕਮਰਾਨ ਧਿਰ ਦਾ ਇਹ ਪ੍ਰਚਾਰ ਬਹੁਤ ਅਫਸੋਸਨਾਕ ਤੇ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਵੀ ਸਾਬਤ ਹੁੰਦਾ ਹੈ ਕਿ ਮੋਦੀ ਸਰਕਾਰ ਤੇ ਹਮਾਇਤੀਆਂ ਨੇ ਆਪਣੇ ਕਾਰਪੋਰੇਟ-ਪੱਖੀ ਏਜੰਡੇ ਨੂੰ ਤਿਆਗਿਆ ਨਹੀਂ, ਸਗੋਂ ਕਿਸਾਨ ਅੰਦੋਲਨ ਦੇ ਦਬਾਅ ਹੇਠ ਕੁੱਝ ਸਮੇਂ ਲਈ ਅੱਗੇ ਪਾਇਆ ਹੈ। ਇਸ ਲਈ ਲਗਾਤਾਰ ਚੌਕਸ ਰਹਿਣ ਦੀ ਲੋੜ ਹੈ।
ਬੁਲਾਰਿਆਂ ਨੇ ਪੰਜਾਬ ਦੇ ਇੱਕ ਭਾਜਪਾ ਆਗੂ ਦੇ ਉਸ ਬਿਆਨ ਦੀ ਨਿਖੇਧੀ ਕੀਤੀ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਸਿਰਫ ਦੇਸ਼ ਦੀਆਂ ਸਰਹੱਦਾਂ ’ਤੇ ਸ਼ਹੀਦ ਹੋਣ ਵਾਲਿਆਂ ਨੂੰ ਹੀ ਸ਼ਹੀਦ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਸਰਹੱਦਾਂ ’ਤੇ ਸ਼ਹੀਦ ਹੋਣ ਵਾਲੇ ਵੱਡੇ ਸ਼ਹੀਦ ਹਨ ਪਰ ਦੇਸ਼ ਦਾ ਢਿੱਡ ਭਰਨ ਵਾਲੇ ਤੇ ਆਪਣੇ ਹੱਕਾਂ ਲਈ ਹਕੂਮਤ ਨਾਲ ਲੜਦੇ ਹੋਏ ਜਾਨਾਂ ਵਾਰਨ ਵਾਲੇ ਵੀ ਲੋਕਾਂ ਲਈ ਸ਼ਹੀਦ ਹੀ ਹਨ। ਉਨ੍ਹਾਂ ਕਿਹਾ ਕਿ ਸ਼ੰਘਰਸ਼ ਦੌਰਾਨ ਜਾਨਾਂ ਵਾਰਨ ਵਾਲੇ ਕਿਸਾਨਾਂ ਨੂੰ ਸ਼ਹੀਦ ਨਾ ਮੰਨਣਾ ਸਾਡੇ ਜ਼ਖ਼ਮਾਂ ’ਤੇ ਲੂਣ ਛਿੜਕਣ ਬਰਾਬਰ ਹੈ।