ਪੱਤਰ ਪ੍ਰੇਰਕ
ਅਮਲੋਹ, 23 ਜੁਲਾਈ
ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵੱਲੋਂ ਦਿੱਤੇ ਸੱਦੇ ’ਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਬਲਾਕ ਅਮਲੋਹ ਵਿਚ ਕੈਪਟਨ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਨਵੀਂ ਭਰਤੀ ਅਧੀਨ ਮੁਲਾਜ਼ਮਾਂ ਤੇ ਸਰਕਾਰ ਵੱਲੋਂ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਨੂੰ ਮੁੱਢੋਂ ਰੱਦ ਕਰਦਿਆਂ ਸਰਕਾਰ ਦੇ ਫ਼ੈਸਲੇ ਵਿਰੁੱਧ ਜੀਟੀਯੂ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਫੈਜ਼ੂਲਾਪੁਰ ਤੇ ਜਨਰਲ ਸਕੱਤਰ ਰਾਜੇਸ਼ ਕੁਮਾਰ ਅਮਲੋਹ ਦੀ ਅਗਵਾਈ ਵਿਚ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ ਗਈ ਤੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ। ਆਗੂਆਂ ਨੇ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਵਿਰੋਧੀ ਕੀਤੇ ਜਾ ਰਹੇ ਫ਼ੈਸਲਿਆਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ। ਆਗੂਆਂ ਨੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਤੇ ਸਖ਼ਤ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦੇ ਫ਼ੈਸਲੇ ਨੂੰ ਵਾਪਸ ਕਰਵਾਉਣ ਜਨਤਕ ਖੇਤਰ ਦੇ ਅਦਾਰਿਆਂ ਨੂੰ ਬਚਾਉਣ ਅਤੇ ਹਰ ਵਰਗ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ, ਮੁਲਾਜ਼ਮਾਂ ਪੈਂਨਸ਼ਨਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਯੂਟੀ ਮੁਲਾਜ਼ਮ ਤੇ ਪੈਂਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਕਾਲੇ ਕੱਪੜੇ ਪਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਸੀਨੀਅਰ ਸਿਟੀਜਨਜ਼ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਦਿਲਬਾਰਾ ਸਿੰਘ, ਸਕੱਤਰ ਜਸਵੰਤ ਸਿੰਘ ਚੜ੍ਹੀ ਅਤੇ ਅਜੈਬ ਸਿੰਘ ਖਮਾਣੋਂ ਨੇ ਇੱਕ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਵਲੋਂ ਨਵੀਆਂ ਨਿਯੁਕਤੀਆਂ ਉਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਜਾ ਰਹੇ ਤਨਖਾਹ ਸਕੇਲ ਦੇ ਜਾਰੀ ਕੀਤੇ ਹੁਕਮ ਨੂੰ ਮੁਲਾਜ਼ਮ ਅਤੇ ਪੈਨਸ਼ਨ ਮਾਰੂ ਦੱਸਿਆ। ਉਕਤ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਪੈਨਸ਼ਨਰਾਂ ਲਈ ਛੇਵੇਂ ਤਨਖਾਹ ਕਮਿਸ਼ਨ ਦੀ ਸਥਾਪਨਾ ਕੀਤੀ ਹੋਈ ਹੈ ਜਿਸ ਦੀ ਮਿਆਦ 31 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਦਰਾਂ ਉੱਤੇ ਤਨਖ਼ਾਹ ਦੇਣ ਨਾਲ ਮੁਲਾਜ਼ਮਾਂ ਪੈਨਸ਼ਨਰਾਂ ਨੂੰ ਕੋਈ ਲਾਭ ਨਹੀਂ ਹੋਵੇਗਾ ਸਗੋਂ ਇਹ ਨਵ ਨਿਯੁਕਤ ਕਰਮਚਾਰੀਆਂ ਦੀ ਤਨਖ਼ਾਹ ਘਟਾਉਣ ਦੀ ਇੱਕ ਵਿਉਂਤਬੰਦੀ ਹੈ।
ਨੰਗਲ (ਰਾਕੇਸ਼ ਸੈਣੀ): ਪੰਜਾਬ ਤੇ ਯੂਟੀ ਮੁਲਾਜ਼ਮਾਂ ਤੇ ਪੈਨਸ਼ਰ ਸਾਝਾਂ ਫਰੰਟ ਪੰਜਾਬ ਦੇ ਸੱਦੇ ’ਤੇ ਪੰਜਾਬ ਸੂਬਾਰਡੀਨੇਟ ਸਰਵਿਸ ਫੈੱਡਰੇਸ਼ਨ ਦੇ ਆਗੂਆਂ ਨੇ ਜਨ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੰਗਲ ਅੱਗੇ ਘੜਾ ਭੰਨ ਰੋਸ ਪ੍ਰਰਦਸ਼ਨ ਕੀਤਾ। ਇਸ ਮੌਕੇ ਪੀਐੱਸਐੱਸਐੱਫ ਬਲਾਕ ਨੰਗਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੇ ਗੁਟਕਾ ਸਾਹਿਬ ਆਪਣੇ ਹੱਣਾ ਵਿਚ ਲੈ ਕੇ ਮੁਲਾਜ਼ਮਾਂ ਨੂੰ ਤਨਖ਼ਾਹ ਕਮਿਸ਼ਨ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਮਿੱਡ-ਡੇਅ ਮੀਲ ਤੇ ਆਸ਼ਾ ਵਰਕਰਾਂ ਆਦਿ ਦੀਆਂ ਤਨਖ਼ਾਹਾਂ ਵਿਚ ਵਾਧਾ ਕਰਨ, ਮਹੀਨੇ ਵਿਚ ਹੀ ਨਸ਼ਿਆਂ ਨੂੰ ਖੱਤਮ ਕਰਨ, ਦੀ ਸੋਂਹ ਖਾਦੀ ਸੀ ਪਰ ਸੱਤਾ ਪ੍ਰਾਪਤ ਹੁੰਦਿਆਂ ਹੀ ਇਹ ਆਗੂ ਆਪਣੇ ਵਾਅਦੇ ਭੁੱਲ ਗਏ।
ਰੂਪਨਗਰ (ਪੱਤਰ ਪ੍ਰੇਰਕ): ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਬਰਾਂਚ ਰੂਪਨਗਰ ਵੱਲੋਂ ਪੰਜਾਬ ਮੁਲਾਜ਼ਮ ਮੰਚ ਤੇ ਪੈਨਸ਼ਨਰਾਂ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਘੜਾ ਭੰਨ ਮੁਜ਼ਾਹਰਾ ਕੀਤਾ ਗਿਆ। ਇਸ ਮੌੌਕੇ ਜਥੇਬੰਦੀ ਦੇ ਆਗੂ ਸੁਖਦੇਵ ਸਿੰਘ ਸੁਰਤਾਪੁਰੀ ਨੇ ਕਿਹਾ ਕਿ ਮੁਲਾਜ਼ਮਾਂ ਦੇ ਲੰਮੇੇ ਸਮੇਂ ਤੋਂ 148 ਮਹੀਨਿਆਂ ਦਾ ਡੀਏ, 4 ਡੀਏ ਦੀਆਂ ਕਿਸ਼ਤਾਂ ਨਾ ਦੇਣ, ਆਊਟਸੋਰਸਿੰਗ ਠੇਕੇ ’ਤੇ ਕੰਮ ਕਰਦੇ ਮੁਲਾਜ਼ਮ ਤੇ ਦਿਹਾੜੀਦਾਰ ਕਾਮੇ ਜਿਹੜੇ ਕਿ ਲੰਮੇ ਸਮੇਂ ਤੋਂ ਕੰਮ ਕਰਦੇ ਹਨ, ਉਨ੍ਹਾਂ ਨੂੰ ਪੱਕੇ ਨਾ ਕਰਨਾ ਦੇ ਰੋਸ ਵਜੋਂ ਇਹ ਐਕਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਫ਼ਤਰਾਂ ਦੇ ਵਿੱਚ ਇਸ ਗੱਲ ਦਾ ਰੋਸ ਪਾਇਆ ਗਿਆ, ਜਿਸ ਦੇ ਸਿੱਟੇ ਵਜੋਂ ਪੰਜਾਬ ਦੇ ਮੁਲਾਜ਼ਮ ਆਉਣ ਵਾਲੇ ਸਮੇਂ ਵਿੱਚ ਅਗਲਾ ਸਖ਼ਤ ਐਕਸ਼ਨ ਕਰਨ ਲਈ ਮਜ਼ਬੂਰ ਹੋਣਗੇ।