ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਮਾਰਚ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਨੂੰ ਪੰਜਾਬ ਨਾਲ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਕੈਪਟਨ, ਭਾਜਪਾ ਅਤੇ ਬਾਦਲਾਂ ਨੇ ਹਮੇਸ਼ਾਂ ਪੰਜਾਬ ਵਿਰੋਧੀ ਨੀਤੀਆਂ ਅਤੇ ਸਾਜ਼ਿਸ਼ਾਂ ਲਾਗੂ ਕੀਤੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਬੀਬੀਐੱਮਬੀ ਅਤੇ ਚੰਡੀਗੜ੍ਹ ਦੇ ਮਸਲੇ ਬਾਰੇ ਚੰਨੀ ਅਤੇ ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਤਾਂ ਇੱਕ ਬਹਾਨਾ ਹੈ, ਅਸਲ ’ਚ ਇਹ ਆਗੂ ਰਲ ਕੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਦਾ ਰਾਹ ਰੋਕਣ ਲਈ ਚਾਰਾਜੋਈ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਚੰਨੀ ਨੇ ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ ’ਤੇ ਗੱਲ ਕੀਤੀ ਹੈ ਤਾਂ ਉਹ ਇਸ ਬਾਰੇ ਹੋਈ ਗੱਲਬਾਤ ਸਾਂਝੀ ਕਰਨ।