ਦਵਿੰਦਰ ਸਿੰਘ ਭੰਗੂ
ਰਈਆ, 19 ਅਗਸਤ
ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਗੁਰਦੁਆਰਾ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਸ਼ੁਕਰਾਨਾ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ਸਿਆਸੀ ਕਿੜ ਕੱਢਣ ਲਈ ਉਨ੍ਹਾਂ ’ਤੇ ਝੂਠਾ ਐੱਨਡੀਪੀਐੱਸ ਦਾ ਕੇਸ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਆਪਣੀ ਮਰਜ਼ੀ ਦੇ ਪੁਲੀਸ ਅਧਿਕਾਰੀਆਂ ਨੂੰ ਅਹੁਦੇ ’ਤੇ ਤਾਇਨਾਤ ਕਰਕੇ ਉਨ੍ਹਾਂ ਦਾ ਸਿਆਸੀ ਭਵਿੱਖ ਖ਼ਰਾਬ ਕਰਨ ਲਈ ਝੂਠੇ ਕੇਸ ਦਰਜ ਕਰਵਾਏ। ਅਜਿਹਾ ਤਾਂ ਕੋਈ ਪਿੰਡ ਦਾ ਸਰਪੰਚ ਵੀ ਨਹੀਂ ਕਰਦਾ। ਮਜੀਠੀਆ ਨੇ ਕਿਹਾ ਕਿ ਜੇਲ੍ਹ ਜਾਣ ਤੋਂ ਬਾਅਦ ਉਨ੍ਹਾਂ ਬਹੁਤਾ ਸਮਾਂ ਪ੍ਰਮਾਤਮਾ ਦੀ ਭਗਤੀ ’ਚ ਲਾਇਆ। ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਨਾਲ ਜੁੜਨ ਲਈ ਜੇਲ੍ਹ ਵਧੀਆ ਇਕਾਂਤ ਜਗ੍ਹਾ ਹੈ। ਇਸ ਕਰਕੇ ਹਰ ਆਦਮੀ ਨੂੰ ਇੱਕ ਵਾਰ ਜੇਲ੍ਹ ਜ਼ਰੂਰ ਜਾਣਾ ਚਾਹੀਦਾ ਹੈ। ‘ਆਪ’ ’ਤੇ ਵਰ੍ਹਦਿਆਂ ਅਕਾਲੀ ਆਗੂ ਨੇ ਕਿਹਾ ਕਿ ‘ਆਪ’ ਆਗੂਆਂ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਹੁਣ ਲੋਕਾਂ ਨੂੰ ਉਨ੍ਹਾਂ ਦੀ ਅਸਲੀਅਤ ਦਾ ਪਤਾ ਲੱਗ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਬਾਰੇ ਮਜੀਠੀਆ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੇ ਸੱਚੇ ਜੀਵਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਪੇਸ਼ ਆਈਆਂ ਮੁਸ਼ਕਲਾਂ ਬਾਰੇ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਮਾਹਰਾਜ ਦੇ ਚਰਨਾਂ ’ਚ ਅਰਦਾਸ ਕਰਦੇ ਹਨ। ਇਸ ਮੌਕੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਤੇ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਸਮੇਤ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।