ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਜਨਵਰੀ
ਵਿਰੋਧੀ ਧਿਰ ਦੇ ਨੇਤਾ ਤੇ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਸੌ ਦਿਨਾਂ ਦੀ ਕਾਰਗੁਜ਼ਾਰੀ ’ਤੇ ਘੇਰਦਿਆਂ ਕਿਹਾ ਕਿ ਮੁੱਖ ਮੰਤਰੀ ਆਪਣੇ ਫ਼ੋਕੇ ਐਲਾਨਾਂ ਦੀ ਜ਼ਮੀਨੀ ਹਕੀਕਤ ਖ਼ੁਦ ਹੀ ਕਬੂਲ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਨੇ ਸਾਬਤ ਕਰ ਦਿੱਤਾ ਹੈ ਕਿ ਹੁਣ ਤੱਕ ਉਨ੍ਹਾਂ ਵੱਲੋਂ ਸੂਬੇ ਵਿੱਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕੀਤੇ ਗਏ ਦਾਅਵੇ ਫੋਕੇ ਹਨ। ਚੀਮਾ ਨੇ ਕਿਹਾ ਕਿ ਚੰਨੀ ਇਹ ਦਾਅਵਾ ਕਰ ਰਹੇ ਹਨ ਕਿ ਪੰਜਾਬ ਦੇ ਰਾਜਪਾਲ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਫਾਈਲ ’ਤੇ ਹਾਸਤਾਖਰ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਇਹ ਪ੍ਰਕਿਰਿਆ ਗੰਭੀਰਤਾ ਤੇ ਸਹੀ ਨੀਤੀ-ਨੀਅਤ ਨਾਲ ਅੱਗੇ ਵਧਾਈ ਹੁੰਦੀ ਤਾਂ ਪੰਜਾਬ ਦੇ ਰਾਜਪਾਲ ਕੋਲ ਇਸ ਫਾਈਲ ’ਤੇ ਹਸਤਾਖ਼ਰ ਨਾ ਕਰਨ ਦਾ ਕੋਈ ਠੋਸ ਕਾਰਨ ਨਾ ਹੁੰਦਾ।