ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜਨਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਡਰੱਗ ਮਾਮਲੇ ਵਿੱਚ ਚੰਨੀ ਅਤੇ ਬਾਦਲ ਪਰਿਵਾਰ ਮਿਲ ਕੇ ਚੱਲ ਰਹੇ ਹਨ। ਉਸੇ ਕਾਰਨ ਚੰਨੀ ਨੇ ਮਜੀਠੀਆ ਖ਼ਿਲਾਫ਼ ਡੰਗ ਟਪਾਊ ਪੁਲੀਸ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਲੁਧਿਆਣਾ ਦੇ ਸਿਟੀ ਸੈਂਟਰ ਘੁਟਾਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਨੂੰ ਬਚਾਇਆ ਸੀ ਅਤੇ ਹੁਣ ਡਰੱਗ ਕੇਸ ’ਚ ਮਜੀਠੀਆ ਨੂੰ ਬਚਾਅ ਕੇ ਚੰਨੀ ਨੇ ਕਰਜ਼ਾ ਲਾਹਿਆ ਹੈ। ਇਸੇ ਲਈ ਕਾਂਗਰਸ ਸਰਕਾਰ ਨੇ ਕੇਸ ਦਰਜ ਹੋਣ ਦੇ 20- 22 ਦਿਨ ਬੀਤਣ ਦੇ ਬਾਵਜੂਦ ਮਜੀਠੀਆ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕੀਤਾ। ਸ੍ਰੀ ਮਾਨ ਨੇ ਕਿਹਾ ਕਿ ਸਾਰੀਆਂ ਰਵਾਇਤੀ ਪਾਰਟੀਆਂ ਦੇ ਆਗੂ ਆਪਸ ਵਿੱਚ ਮਿਲੀਭੁਗਤ ਨਾਲ ਲੋਕਾਂ ਨੂੰ ਗੁਮਰਾਹ ਕਰਨ ਲੱਗੇ ਹੋਏ ਹਨ। ਕਾਂਗਰਸ ਦੇ ਹੀ ਸਾਬਕਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ’ਚੋਂ ਚਾਰ ਹਫ਼ਤਿਆਂ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਸਰਕਾਰ ਵਿੱਚ ਰਹਿ ਕੈਪਟਨ ਨੇ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਡਰੱਗ ਮਾਮਲੇ ਸਮੇਤ ਬਾਦਲਾਂ, ਕਾਂਗਰਸੀਆਂ ਅਤੇ ਮਾਫ਼ੀਆ ਦੀਆਂ ਸਾਰੀਆਂ ਫਾਈਲਾਂ ਖੋਲ੍ਹੀਆਂ ਜਾਣਗੀਆਂ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ।
‘ਆਪ’ ਆਗੂ ਨੇ ਦਾਅਵਾ ਕੀਤਾ ਕਿ ‘‘ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਵਿਕਾਸ ਲਈ ਰੋਡਮੈਪ ਹੈ। ਜਿਸ ਵਿੱਚ ਸੂਬੇ ’ਚ ਖੇਤੀ, ਉਦਯੋਗ, ਸਿੱਖਿਆ, ਸਿਹਤ, ਬੇਰੁਜ਼ਗਾਰੀ ਤੇ ਗਰੀਬੀ ਖ਼ਤਮ ਕਰਨ ਲਈ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਧਰਮ ਨਿਰਪੱਖ ਪਾਰਟੀ ਹੈ। ਇਸ ਲਈ ਸੂਬੇ ’ਚ ਭਾਈਚਾਰਕ ਸਾਂਝ ਅਤੇ ਸਾਰਥਿਕ ਰਾਜਨੀਤੀ ਕਾਇਮ ਕੀਤਾ ਜਾਵੇਗਾ। ਸੂਬਾ ਪ੍ਰਧਾਨ ਭਗਵੰਤ ਮਾਨ ਨੇ ਨਵੇਂ ਬਣੇ ਸੰਯੁਕਤ ਸਮਾਜ ਮੋਰਚੇ ਦੀ ਕਾਇਮੀ ਲਈ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ‘ਆਪ’ ਨੇ ਕਿਸੇ ਨੂੰ ਵੀ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਨਹੀਂ ਕੀਤੀ। ਪਾਰਟੀ ਬਹੁਤ ਜਲਦੀ ਹੀ ਮੁੱਖ ਮੰਤਰੀ ਦਾ ਨਾਂਅ ਐਲਾਨ ਕੇ ਮੁਹਿੰਮ ਵਿੱਚ ਉਤਰੇਗੀ।