ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਅਕਤੂਬਰ
ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਕੇਂਦਰ ਸਰਕਾਰ ਵੱਲੋਂ ਬੀਐਸਐਫ਼ ਨੂੰ ਦਿੱਤੀਆਂ ਵਾਧੂ ਤਾਕਤਾਂ ਦਾ ਵਿਰੋਧ ਕਰਦਿਆਂ ਕੇਂਦਰ ਦੇ ਇਸ ਕਦਮ ਨੂੰ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਿੰਨਾ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ ਹੈ, ਕਿਉਂਕਿ ਮੁੱਖ ਮੰਤਰੀ ਚੰਨੀ ਨੇ ਕੁੱਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਨਾਲ ਲਗਦੀ ਕੌਮਾਂਤਰੀ ਸਰਹੱਦ ’ਤੇ ਹਥਿਆਰਾਂ ਅਤੇ ਨਸ਼ਾ ਤਸਕਰੀ ਦੀਆਂ ਵਧੀਆਂ ਵਾਰਦਾਤਾਂ ਨੂੰ ਰੋਕਣ ਲਈ ਕੇਂਦਰ ਦੀ ਸਖ਼ਤੀ ਦੀ ਮੰਗ ਕੀਤੀ ਸੀ। ਅਜਿਹੇ ਕਰਕੇ ਮੁੱਖ ਮੰਤਰੀ ਚੰਨੀ ਨੇ 50 ਫ਼ੀਸਦੀ ਪੰਜਾਬ ’ਤੇ ਕਬਜ਼ੇ ਲਈ ਖ਼ੁਦ ਹੀ ਕੇਂਦਰ ਹੱਥ ਚਾਬੀ ਦਿੱਤੀ ਹੈ।
ਉਨ੍ਹਾਂ ਚੰਨੀ ਕੋਲੋਂ ਸਪੱਸ਼ਟੀਕਰਨ ਮੰਗਦਿਆਂ ਕਿਹਾ ਕਿ ਬੀਐਸਐਫ ਨੂੰ ਵਾਧੂ ਸ਼ਕਤੀਆਂ ਦਾ ਮਾਮਲਾ ਅਸਲ ’ਚ ਰਾਸ਼ਟਰੀ ਸੁਰੱਖਿਆ ਦਾ ਨਹੀਂ, ਸਗੋਂ ਕੌਮੀ ਰਾਜਨੀਤੀ ਦਾ ਹੈ। ਪੰਜਾਬ ਦੀ ਚੰਨੀ ਸਰਕਾਰ ਇਸ ਮਸਲੇ ’ਚ ਕੇਂਦਰ ਨਾਲ ਰਲ਼ੀ ਹੋਈ ਹੈ। ਉਨ੍ਹਾਂ ਪੰਜਾਬ ਅੰਦਰ ਬੀਐੱਸਐੱਫ ਦਾ ਦਾਇਰਾ 35 ਕਿਲੋਮੀਟਰ ਵਧਾਏ ਜਾਣ ਅਤੇ ਗੁਜਰਾਤ ਅੰਦਰ 30 ਕਿਲੋਮੀਟਰ ਘਟਾਏ ਜਾਣ ਦੇ ਕੇਂਦਰੀ ਫ਼ੈਸਲੇ ’ਤੇ ਵੀ ਸਵਾਲ ਉਠਾਏ।
ਉਨ੍ਹਾਂ ਸਵਾਲ ਕੀਤਾ ਕਿ ਕੀ ਗੁਜਰਾਤ ਦੀਆਂ ਸੀਮਾਵਾਂ ਅੰਦਰ ਕੌਮੀ ਸੁਰੱਖਿਆ ਦਾ ਮਸਲਾ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਅਜਿਹਾ ਇੱਕਪਾਸੜ ਫ਼ੈਸਲਾ ਕਰ ਕੇ ਪੰਜਾਬ ਦੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ।