ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 22 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮਾ ਦੇ ਨੁਕਸਾਨ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 29 ਅਕਤੂਬਰ ਤੱਕ ਹਰ ਹਾਲ ਵਿੱਚ ਮੁਕੰਮਲ ਰਿਪੋਰਟਾਂ ਭੇਜਣ ਲਈ ਕਿਹਾ ਤਾਂ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਵੰਡਿਆ ਜਾ ਸਕੇ। ਮੁੱਖ ਮੰਤਰੀ ਨੇ ਨਰਮਾ ਉਤਪਾਦਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਨਾਜ਼ੁਕ ਸਮੇਂ ਵਿੱਚ ਉਨ੍ਹਾਂ ਦੀ ਸਾਰ ਲੈਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ।
ਮੁੱਖ ਮੰਤਰੀ ਨੇ ਨਰਮਾ ਉਤਪਾਦਕਾਂ ਨੂੰ ਸੱਦਾ ਦਿੱਤਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਗੁਲਾਬੀ ਸੁੰਡੀ ਨਾਲ ਨੁਕਸਾਨੀ ਗਈ ਹੈ, ਉਹ ਵਿਰੋਧੀਆਂ ਪਾਰਟੀਆਂ ਦੇ ਕੂੜ ਪ੍ਰਚਾਰ ਨਾਲ ਗੁਮਰਾਹ ਨਾ ਹੋਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤਨੋਂ-ਮਨੋਂ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਚੰਨੀ ਨੇ ਕਿਹਾ, ‘ਮੈਂ ਸੂਬੇ ਦੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਤੁਰੰਤ ਬਾਅਦ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਪ੍ਰਭਾਵਿਤ ਪਿੰਡਾਂ ਨਸੀਬਪੁਰਾ ਅਤੇ ਕਟਾਰ ਸਿੰਘ ਵਾਲਾ ਵਿਖੇ ਗਿਆ ਸੀ ਤਾਂ ਕਿ ਔਖੀ ਘੜੀ ਵਿੱਚ ਸੰਕਟ ਵਿੱਚ ਡੁੱਬੇ ਕਿਸਾਨਾਂ ਨਾਲ ਇਕਜੁਟਤਾ ਪ੍ਰਗਟਾਈ ਜਾ ਸਕੇ।’
ਇਸ ਦੌਰਾਨ ਵਿੱਤ ਕਮਿਸ਼ਨਰ ਮਾਲ ਵੀ.ਕੇ. ਜੰਜੂਆ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਨਰਮੇ ਦੀ ਫਸਲ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਰਿਹਾ ਹੈ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਛੇਤੀ ਹੀ ਮੁਆਵਜ਼ਾ ਵੰਡਿਆ ਜਾਵੇਗਾ। ਵਿੱਤ ਕਮਿਸ਼ਨਰ ਮਾਲ ਮੁਤਾਬਕ ਗਿਰਦਾਵਰੀ ਰਿਪੋਰਟਾਂ ਨੂੰ ਤਸਦੀਕ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਅਤੇ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਖੇਤਰ ਦੇ ਮਾਲ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਪਿੱਛੋਂ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਸਰਟੀਫਿਕੇਟ ਤਹਿਤ ਨਿਰਧਾਰਤ ਪ੍ਰੋਫ਼ਾਰਮੇ ਵਿੱਚ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਜਾਣੀਆਂ ਹਨ।
ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿੱਤ ਕਮਿਸ਼ਨਰ ਮਾਲ ਨੇ ਅੱਜ ਪੰਜ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਉ ਕਾਨਫਰੰਸ ਕਰਕੇ ਤਸਦੀਕੀਕਰਨ ਪ੍ਰਕਿਰਿਆ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਦਿੱਤੇ ਕਿ 29 ਅਕਤੂਬਰ, 2021 ਤੱਕ ਮੁਕੰਮਲ ਰਿਪੋਰਟਾਂ ਭੇਜਣੀਆਂ ਯਕੀਨੀ ਬਣਾਈਆਂ ਜਾਣ।
ਦੱਸ ਦੇਈਏ ਕਿ ਮਾਨਸਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਬਰਨਾਲ ਅਤੇ ਸੰਗਰੂਰ ਜ਼ਿਲ੍ਹਿਆਂ ਤੋਂ ਮੁਢਲੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਹਨ। ਸਾਰੀਆਂ ਰਿਪੋਰਟਾਂ ਪ੍ਰਾਪਤ ਕਰਨ ਪਿੱਛੋਂ ਇਨ੍ਹਾਂ ਨੂੰ ਮੁੱਖ ਸਕੱਤਰ ਦੀ ਅਗਵਾਈ ਵਾਲੀ ਰਾਜ ਕਾਰਜਕਾਰੀ ਕਮੇਟੀ ਅੱਗੇ ਮੁਆਵਜ਼ੇ ਲਈ ਰੱਖਿਆ ਜਾਵੇਗਾ ਅਤੇ ਨਿਰਧਾਰਤ ਨਿਯਮਾਂ ਮੁਤਾਬਕ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।