ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਵਿਧਾਇਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਆਖਿਆ ਹੈ ਤਾਂ ਜੋ ਸੂਬਾਈ ਸ਼ਾਸਨ ਵਿੱਚ ਲੋਕਾਂ ਦਾ ਭਰੋਸਾ ਦ੍ਰਿੜ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਹੈ ਕਿ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਰੋਜ਼ਾਨਾ ਦੀਆਂ ਸਮੱਸਿਆਵਾਂ ਦੇ ਸੰਦਰਭ ਵਿੱਚ ਅਣਗੌਲਿਆ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ।
ਗੱਲਬਾਤ ਦੌਰਾਨ ਵਿਧਾਇਕਾਂ ਵੱਲੋਂ ਚੁੱਕੇ ਗਏ ਵੱਖ-ਵੱਖ ਮੁੱਦਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਾਉਣ ਤੋਂ ਇਲਾਵਾ ਭਲਾਈ ਸਕੀਮਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਸ੍ਰੀ ਚੰਨੀ ਨੇ ਵਿਧਾਇਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਹਲਕਿਆਂ ਦੇ ਵਿਕਾਸ ਪ੍ਰਾਜੈਕਟਾਂ ਦੇ ਵਿਕਾਸ ’ਤੇ ਨਿੱਜੀ ਤੌਰ ’ਤੇ ਨਿਗਰਾਨੀ ਰੱਖਣ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ ਹਲਕਿਆਂ ਅੰਦਰ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਤਾਂ ਜੋ ਸਰਕਾਰ ਵੱਲੋਂ ਕੀਤੀਆਂ ਇਨ੍ਹਾਂ ਲੋਕ ਪੱਖੀ ਪਹਿਲਕਦਮੀਆਂ ਦਾ ਲਾਭ ਹਰੇਕ ਵਿਅਕਤੀ ਤੱਕ ਪਹੁੰਚ ਸਕੇ।
ਜ਼ਿਕਰਯੋਗ ਹੈ ਕਿ ਚਰਨਜੀਤ ਿਸੰਘ ਚੰਨੀ ਮੁੱਖ ਮੰਤਰੀ ਅਹੁਦੇ ’ਤੇ ਬੈਠਣ ਤੋਂ ਬਾਅਦ ਲੋਕ ਭਲਾਈ ਦੇ ਕਈ ਫ਼ੈਸਲਿਆਂ ’ਤੇ ਮੋਹਰ ਲਗਾ ਚੁੱਕੇ ਹਨ।
ਵਿਧਾਇਕਾਂ ਨਾਲ ਵੱਖੋ ਵੱਖਰੇ ਤੌਰ ’ਤੇ ਕੀਤੀ ਮੀਟਿੰਗ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋ ਰੋਜ਼ਾ ਲੰਮੀ-ਚੌੜੀ ਵਿਚਾਰ-ਚਰਚਾ ਦੌਰਾਨ ਲਗਪਗ 60 ਵਿਧਾਇਕਾਂ ਨਾਲ ਵੱਖ- ਵੱਖ ਗੱਲਬਾਤ ਕੀਤੀ ਤਾਂ ਕਿ ਉਨ੍ਹਾਂ ਕੋਲੋਂ ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਫੀਡਬੈਕ ਹਾਸਲ ਕੀਤੀ ਜਾ ਸਕੇ।