ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਵਰਕਿੰਗ ਕਮੇਟੀ ਵੱਲੋਂ ਮੀਟਿੰਗ ਵਿੱਚ ਮਤਾ ਪਾਸ ਕਰਕੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਚਿੰਤਾ ਪ੍ਰਗਟਾਉਣ ਅਤੇ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਉਨ੍ਹਾਂ ਨਾਲ ਇਕਜੁੱਟਤਾ ਨਾਲ ਖੜ੍ਹਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ। ਮਤੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਮੋਦੀ ਸਰਕਾਰ ਦੇ ਕੁਝ ਪੂੰਜੀਪਤੀ ਦੋਸਤਾਂ ਦੇ ਫ਼ਾਇਦੇ ਲਈ ਤੇ ਦੇਸ਼ ਦੇ ਕਿਸਾਨਾਂ ਨੂੰ ਕੁਚਲਣ ਲਈ ਘੜੀ ਗਈ ਸਾਜ਼ਿਸ਼ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਸਾਢੇ ਦਸ ਮਹੀਨਿਆਂ ਤੋਂ ਲੱਖਾਂ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਨ੍ਹਾਂ ਨੂੰ ਕੌਮੀ ਰਾਜ ਮਾਰਗ ’ਤੇ ਕਿੱਲਾਂ ਅਤੇ ਪੱਥਰ ਲਗਾ ਕੇ ਅੱਗੇ ਵਧਣ ਤੋਂ ਰੋਕਣ ਦਾ ਯਤਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸੰਘਰਸ਼ ਦੌਰਾਨ ਹੁਣ ਤੱਕ ਤਕਰੀਬਨ ਇੱਕ ਹਜ਼ਾਰ ਕਿਸਾਨਾਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ ਹਨ, ਪਰ ਕੇਂਦਰ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਵੀ ਇਨਕਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ (ਆਈਐੱਨਸੀ) ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ, ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਯਕੀਨੀ ਬਣਾਉਣ ਤੇ ਬੇਜ਼ਮੀਨੇ ਖੇਤ ਮਜ਼ਦੂਰਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਚੰਨੀ ਨੇ ਕਿਹਾ ਕਿ ਆਈਐੱਨਸੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਭੂਮੀ ਗ੍ਰਹਿਣ ਦੇ ਮੁਆਵਜ਼ੇ ਦੇ ਅਧਿਕਾਰਾਂ ਨੂੰ ਖੋਹਣ ਵਿਰੁੱਧ ਵੀ ਆਈਐੱਨਸੀ ਨੇ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ ਸੀ ਤੇ ਸਫ਼ਲਤਾ ਹਾਸਲ ਕੀਤੀ ਸੀ। ਹੁਣ ਖੇਤੀ ਕਾਨੂੰਨਾਂ ਵਿਰੁੱਧ ਜੰਗ ਵਿੱਚ ਵੀ ਸਫ਼ਲ ਹੋਵਾਂਗੇ।