ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ’ਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਵੱਡਾ ਫ਼ੈਸਲਾ ਲੈਂਦਿਆਂ ਵਿਸ਼ੇਸ਼ ਸੈੱਲ ਸਥਾਪਿਤ ਕਰਨ ਦੇ ਹੁੱਕ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਲੈਣ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਸਨ। ਜਦੋਂ ਕਿ ਬਹੁਤੀ ਵਾਰ ਇਨ੍ਹਾਂ ਲੋਕਾਂ ਨੂੰ ਆਪਣੇ ਕੰਮ ਲਈ ਇਧਰ-ਉਧਰ ਭਟਕਣਾ ਪੈਂਦਾ ਹੈ। ਇਸੇ ਕਰਕੇ ਪਿਛਲੇ ਲੰਬੇ ਸਮੇਂ ਤੋਂ ਉਕਤ ਵਰਗ ਵੱਲੋਂ ਵਿਸ਼ੇਸ਼ ਸੈੱਲ ਸਥਾਪਿਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਉਸੇ ਮੰਗ ਨੂੰ ਪੂਰਾ ਕਰਦਿਆਂ ਸੈੱਲ ਸਥਾਪਿਤ ਕੀਤਾ ਜਾ ਰਿਹਾ ਹੈ। ਇਹ ਸੈੱਲ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਨੂੰ ਯਕੀਨੀ ਬਣਾਵੇਗਾ। ਸ੍ਰੀ ਨੇ ਕਿਹਾ ਕਿ ਇਹ ਸਮਰਪਿਤ ਸੈੱਲ ਉਕਤ ਵਿਅਕਤੀਆਂ ਲਈ ਸਿੰਗਲ ਵਿੰਡੋ ਪਲੈਟਫਾਰਮ ਵਜੋਂ ਕੰਮ ਕਰੇਗਾ ਤਾਂ ਕਿ ਉਹ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਸਹੀ ਸਹੂਲਤਾਂ ਨਾ ਮਿਲਣ ’ਤੇ ਇਸ ਸੈੱਲ ਬਾਰੇ ਆਪਣੀ ਸ਼ਿਕਾਇਤ ਵੀ ਦਰਜ ਕਰਵਾ ਸਕਦੇ ਹਨ। ਇਸ ਦੇ ਕੰਮਕਾਜ ਨੂੰ ਹੋਰ ਕਾਰਗਰ ਬਣਾਉਣ ਲਈ ਆਪਣੇ ਸੁਝਾਅ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਸਮਾਜ ਦੇ ਇਸ ਵਰਗ ਦੇ ਲੋਕ ਆਪਣਾ ਜੀਵਨ ਮਾਣ-ਸਤਿਕਾਰ ਨਾਲ ਬਸਰ ਕਰਨ ਦੇ ਯੋਗ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧ ਵਿਚ ਕਈ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।