ਆਤਿਸ਼ ਗੁਪਤਾ
ਚੰਡੀਗੜ੍ਹ, 22 ਅਕਤੂਬਰ
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ’ਤੇ ਦੋਸ਼ ਲਗਾਏ ਹਨ ਕਿ ਉਹ ਖੇਤੀ ਬਿੱਲਾਂ ਦੇ ਨਾਮ ’ਤੇ ਕਿਸਾਨਾਂ-ਮਜ਼ਦੂਰਾਂ ਨੂੰ ਬੇਵਕੂਫ਼ ਬਣਾ ਰਹੇ ਹਨ। ਮਾਨ ਨੇ ਕਿਹਾ ਕਿ ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲ ਕੇ ਸੰਸਦ ਵੱਲੋਂ ਪਾਸ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ’ਚ ਸੋਧੇ ਜਾਣ ਦਾ ਡਰਾਮਾ ਕਰ ਰਹੇ ਹਨ, ਦੂਜੇ ਪਾਸੇ ਪੰਜਾਬ ਦੀਆਂ ਮੰਡੀਆਂ ’ਚ ਨਰਮੇ ਅਤੇ ਮੱਕੀ ਦੀ ਫ਼ਸਲ ਐੱਮਐੱਸਪੀ ਤੋਂ ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਘੱਟ ਮੁੱਲ ’ਤੇ ਖ਼ਰੀਦੇ ਜਾਣ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰ ਰਹੇ ਹਨ। ‘ਆਪ’ ਦੇ ਸੂਬਾ ਪ੍ਰਧਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਦਮ ’ਤੇ ਐੱਮਐੱਸਪੀ ਤੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਵੇ।
‘ਆਪ’ ਨੇ ਮੰਤਰੀ ਆਸ਼ੂ ਦੀ ਬਰਖ਼ਾਸਤਗੀ ਮੰਗੀ
‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਨੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਆਦਿ ਸੂਬਿਆਂ ਤੋਂ ਅੱਧੇ ਮੁੱਲ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ’ਚ ਵੇਚੇ ਜਾਣ ਦਾ ਘਪਲਾ ਸਿਰਫ਼ ਪਨਸਪ ਦੇ ਜ਼ਿਲ੍ਹਾ ਮੈਨੇਜਰ ਪਟਿਆਲਾ ਤੱਕ ਸੀਮਤ ਨਹੀਂ ਹੈ। ਇਸ ਵਿੱਚ ਸੂਬੇ ਦੀਆਂ ਲਗਭਗ ਸਾਰੀਆਂ ਹੀ ਖ਼ਰੀਦ ਏਜੰਸੀਆਂ ਸ਼ਾਮਲ ਹਨ। ਇਸ ਗੋਰਖਧੰਦੇ ਨੂੰ ਮੰਤਰੀ ਭਾਰਤ ਭੂਸ਼ਣ ਆਸ਼ੂ ਕਥਿਤ ਤੌਰ ’ਤੇ ਚਲਾ ਰਹੇ ਹਨ, ਜਿਸ ਦੀ ਪੁਸ਼ਟੀ ਡੀਐੱਮ ਪ੍ਰਵੀਨ ਜੈਨ ਦੀ ਵਟਸਐੱਪ ਚੈਟ ਨੇ ਕਰ ਦਿੱਤੀ ਹੈ। ‘ਆਪ’ ਆਗੂਆਂ ਨੇ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਇਸ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।