ਪਾਲ ਸਿੰਘ ਨੌਲੀ
ਜਲੰਧਰ, 12 ਜਨਵਰੀ
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਇਕ ਸਾਬਕਾ ਵਿਧਾਇਕ ਸਮੇਤ ਪੰਜ ਅਹੁਦੇਦਾਰ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸੇ ਦੌਰਾਨ ਕਾਂਗਰਸ ਦਾ ਸ਼ੁਤਰਾਣਾ ਤੋਂ ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ ਵੀ ਭਾਜਪਾ ’ਚ ਸ਼ਾਮਲ ਹੋ ਗਏ।
ਭਾਜਪਾ ਦੇ ਸੂਬਾਈ ਚੋਣ ਦਫ਼ਤਰ ਵਿੱਚ ਅੱਜ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਫਤਿਹਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਦੀਦਾਰ ਸਿੰਘ ਭੱਟੀ, ਦਮਦਮੀ ਟਕਸਾਲ ਦੇ ਬੁਲਾਰੇ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਪੋਰਟਸ ਵਿੰਗ ਦੇ ਪ੍ਰਧਾਨ ਤੇ ਹਲਕਾ ਬਲਾਚੌਰ ਦੇ ਆਗੂ ਰਾਜਪਾਲ ਚੌਹਾਨ, ਸੋਈ ਦੇ ਜ਼ੋਨ ਪ੍ਰਧਾਨ ਅੰਮ੍ਰਿਤਪਾਲ ਸਿੰਘ ਲਾਲੀ ਤੇ ਫਤਿਹਗੜ੍ਹ ਸਾਹਿਬ ਦੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਭੱਟੀ ਭਾਜਪਾ ਵਿਚ ਸ਼ਾਮਲ ਹੋ ਗਏ।
ਦਮਦਮੀ ਟਕਸਾਲ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਦੇ ਭਾਜਪਾ ’ਚ ਜਾਣ ਨਾਲ ਗਰਮਖਿਆਲੀ ਸਫ਼ਾਂ ’ਚ ਹੈਰਾਨੀ ਪ੍ਰਗਟਾਈ ਜਾ ਰਹੀ ਹੈ। ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦੀ ਸ਼ਲਾਘਾ ਕੀਤੀ ਗਈ ਸੀ ਜਿਸ ਵਿਚ ਉਨ੍ਹਾਂ ਨੇ 26 ਦਸੰਬਰ ਨੂੰ ਕੌਮੀ ਪੱਧਰ ’ਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।
ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪਾਰਟੀ ਦੀ ਪਰੰਪਰਾ ਰਹੀ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣਾਂ ਨਹੀਂ ਲੜੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਜਦੋਂ 25 ਸਾਲਾਂ ਬਾਅਦ ਭਾਜਪਾ ਸੱਤਾ ਵਿਚ ਆਈ ਤਾਂ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਹੋਣਗੇ। ਇਸੇ ਤਰ੍ਹਾਂ ਅਸਾਮ ਵਿਚ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਚੋਣਾਂ ਲੜੀਆਂ ਸਨ ਤਦ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਪਾਰਟੀ ਦੇ ਵਿਧਾਇਕ ਹੀ ਆਪਣਾ ਆਗੂ ਚੁਣਨਗੇ ਤੇ ਉਸੇ ’ਤੇ ਹਾਈਕਮਾਨ ਮੋਹਰ ਲਾਏਗੀ। ਸ੍ਰੀ ਸ਼ੇਖਾਵਤ ਨੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਹੜੇ ਪੰਡਤ ਨੇ ਦੱਸਿਆ ਕਿ ਸੱਤ ਦਿਨਾਂ ਬਾਅਦ ਮੁੱਖ ਮੰਤਰੀ ਦਾ ਚਿਹਰਾ ਐਲਾਨਣਗੇ?
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਸਬੰਧੀ ਪੁੱਛੇ ਗਏ ਸਵਾਲਾਂ ਤੋਂ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਅਦਾਲਤ ਵਿਚ ਮਾਮਲਾ ਹੋਣ ਕਰਕੇ ਉਹ ਕੋਈ ਟਿੱਪਣੀ ਨਹੀਂ ਕਰਨਗੇ। ਉਮੀਦਵਾਰਾਂ ਦੀ ਸੂਚੀ ਦਾ ਜ਼ਿਕਰ ਕਰ ਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੇ ਅਹੁਦੇਦਾਰਾਂ ਦੀ ਰਾਏ ਲਈ ਜਾ ਰਹੀ ਹੈ। ਇਸ ਮੌਕੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ, ਸੁਸ਼ੀਲ ਸ਼ਰਮਾ ਅਤੇ ਜੀਵਨ ਗੁਪਤਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਮੇਹਰਬਾਨ ਅਤੇ ਜੱਲਾ ਨੇ ਫੜਿਆ ਭਾਜਪਾ ਦਾ ਪੱਲਾ
ਪਾਇਲ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਪਾਇਲ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਹੇ ਹਲਕਾ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮੇਹਰਬਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਸ੍ਰੀ ਮੇਹਰਬਾਨ ਨੇ ਕਿਹਾ ਕਿ ਖੇਤਰੀ ਪਾਰਟੀਆਂ ਜੋ ਲੋਕਾਂ ਨੂੰ ਵੱਡੇ ਵੱਡੇ ਵਾਅਦੇ ਕਰਕੇ ਲੌਲੀਪੌਪ ਦੇ ਰਹੀਆਂ ਹਨ ਉਹ ਪੈਸੇ ਕਿਥੋਂ ਲੈ ਕੇ ਆਉਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੂਬੇ ਦੀਆਂ ਸਰਕਾਰਾਂ ਤਦ ਹੀ ਤਰੱਕੀ ਕਰ ਸਕਦੀਆਂ ਹਨ, ਜੇ ਕੇਂਦਰ ਸਰਕਾਰ ਨਾਲ ਤਾਲਮੇਲ ਹੋਵੇ। ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਨੇ ਕਿਹਾ ਕਿ ਜਦੋਂ ਪਾਰਟੀ ਵਿੱਚ ਲੰਮਾ ਸਮਾਂ ਸੇਵਾਵਾਂ ਦੇਣ ਵਾਲੇ ਦੀ ਪੁੱਛ ਪ੍ਰਤੀਤ ਨਾ ਹੋਵੇ, ਫਿਰ ਪਾਰਟੀ ਅੰਦਰ ਰਹਿਕੇ ਕੀ ਕਰਨਾ ਹੈ। ‘ਆਪ’ ਦੇ ਸੂਬਾ ਸਕੱਤਰ ਰਾਮ ਪਾਲ ਸਿੰਘ ਬੀਜਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।