ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੁਲਾਈ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਝੋਨੇ ਲਾਉਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰਨ ਦੀ ਸਲਾਹ ਦੇਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਦੀ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰਨ ਦਾ ਵਿਚਾਰ ਇਸ ਸਮੇਂ ਬਿਲਕੁਲ ਵੀ ਵਿਹਾਰਕ ਨਹੀਂ ਹੈ ਕਿਉਂਕਿ ਖੇਤ ਹਾਲੇ ਵੀ ਹੜ੍ਹ ਦੇ ਪਾਣੀ ਨਾਲ ਭਰੇ ਹੋਏ ਹਨ। ਬਾਜਵਾ ਨੇ ਕਿਹਾ ਕਿ ਖੇਤੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਦੀ ਇਸ ਸਲਾਹ ਨੂੰ ਗ਼ਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਅਜਿਹੀ ਸਲਾਹ ਦੇਣ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਤੇ ਕਿਸਾਨ ਕਮਿਸ਼ਨ ਦੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਸੀ।