ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਰਾਈਸ ਮਿੱਲਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਈਸ ਮਿੱਲਰਾਂ ਵੱਲੋਂ ਸ਼ੈਲਰਾਂ ਵਿੱਚ ਥਾਂ ਦੀ ਘਾਟ ਦਾ ਮੁੱਦਾ ਚੁੱਕਿਆ ਗਿਆ, ਜਿਸ ’ਤੇ ਮੁੱਖ ਮੰਤਰੀ ਨੇ ਇਸ ਮੁੱਦੇ ਬਾਰੇ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਤੇ ਮਾਮਲੇ ਨੂੰ ਸੁਲਝਾਉਣ ਲਈ ਉਨ੍ਹਾਂ ਦਾ ਦਖਲ ਮੰਗਿਆ।
ਮਾਨ ਨੇ ਕੇਂਦਰੀ ਮੰਤਰੀ ਕੋਲ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਕੋਲ ਭੰਡਾਰਨ ਲਈ ਥਾਂ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕਿਐੱਫਸੀਆਈ ਨੂੰ ਮਈ ਤੋਂ ਲੈ ਕੇ ਹੁਣ ਤੱਕ ਜਗ੍ਹਾ ਦੀ ਕਾਫ਼ੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈੈ। ਇਸ ਨਾਲ ਸੂਬੇ ਦੇ ਚੌਲ ਮਿੱਲਰਾਂ ਦਰਮਿਆਨ ਆਗਾਮੀ ਸਾਉਣੀ ਸੀਜਨ 2024-25 ਦੌਰਾਨ ਥਾਂ ਦੀ ਘਾਟ ਸਬੰਧੀ ਚਿੰਤਾ ਪੈਦਾ ਹੋ ਗਈ ਹੈ। ਮੁੱਖ ਮੰਤਰੀ ਨੇ ਰਾਈਸ ਮਿੱਲਰਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾ ਰਹੀ ਹੈ ਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਕਿਸਾਨਾਂ ਦੀ ਪੂਰੀ ਫਸਲ ਖਰੀਦਣ ਲਈ ਸਰਕਾਰ ਵਚਨਬੱਧ: ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮੰਡੀਆਂ ਵਿੱਚੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਤੇ ਉਨ੍ਹਾਂ ਨੂੰ ਮੰਡੀਆਂ ’ਚ ਆਪਣੀ ਫਸਲ ਦੀ ਵਿਕਰੀ ਦੌਰਾਨ ਕੋਈ ਔਕੜ ਨਹੀਂ ਆਉਣ ਦਿੱਤੀ ਜਾਵੇਗੀ।