ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੁਲਾਈ
ਪੰਜਾਬ ਦੇ ਨਵੇਂ ਬਣੇ ਮੁੱਖ ਸਕੱਤਰ ਵੀਕੇ ਜੰਜੂਆ ਨੇ ਅੱਜ ਆਪਣੀ ਪਤਨੀ ਤੇ ਧੀ ਨਾਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਜੰਜੂਆ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਲਈ ਗੁਰੂ ਘਰ ਦਾ ਸ਼ੁਕਰਾਨਾ ਕਰਨ ਵਾਸਤੇ ਆਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਅੱਗੇ ਬਹੁਤ ਚੁਣੌਤੀਆਂ ਹਨ, ਪਰ ਗੁਰੂ ਸਾਹਿਬ ਦੀ ਕਿਰਪਾ ਨਾਲ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਸ੍ਰੀ ਦਰਬਾਰ ਸਾਹਿਬ ਵਿਖੇ ਉਨ੍ਹਾਂ ਨੂੰ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਸਿਰੋਪਾ ਦੇ ਕੇ ਸਨਮਾਨਿਆ ਗਿਆ। ਮੁੱਖ ਸਕੱਤਰ ਨੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਵੀ ਮੱਥਾ ਟੇਕਿਆ। ਉਪਰੰਤ ਮੁੱਖ ਸਕੱਤਰ ਦੇਸ਼ ਵੰਡ ਨਾਲ ਸਬੰਧਤ ਪੰਜਾਬ ਪਾਰਟੀਸ਼ਨ ਮਿਊਜ਼ੀਅਮ ਵਿੱਚ ਵੀ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਹਰਦੀਪ ਸਿੰਘ ਸੂਦਨ ਹਾਜ਼ਰ ਸਨ।