ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਪਠਾਨਕੋਟ, 30 ਸਤੰਬਰ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਦੇ ਸਿਵਲ ਹਸਪਤਾਲ ਦੇ ਵਰਾਂਡੇ ਵਿੱਚ ਫਰਸ਼ ’ਤੇ ਬੱਚੇ ਨੂੰ ਜਨਮ ਦੇਣ ਵਾਲੀ ਔਰਤ ਨਾਲ ਉਸ ਦੇ ਘਰ ਜਾ ਕੇ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਵਿਧਾਇਕ ਹੋਣ ਦੇ ਨਾਤੇ ਉਹ ਇਸ ਘਟਨਾ ’ਤੇ ਬਹੁਤ ਸ਼ਰਮਿੰਦਾ ਹਨ। ਇਸੇ ਦੌਰਾਨ ਇਸ ਘਟਨਾ ਦਾ ਨੋਟਿਸ ਲੈਂਦਿਆਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ (ਐੱਨਸੀਐੱਚਸੀ) ਦੇ ਚੇਅਰਮੈਨ ਵਿਜੈ ਸਾਂਪਲਾ ਨੇ ਅੱਜ ਜ਼ਿਲ੍ਹਾ ਅਤੇ ਹਸਪਤਾਲ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਦੀ ਸੱਤ ਦਿਨਾਂ ’ਚ ਰਿਪੋਰਟ ਮੰਗੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਹਸਪਤਾਲ ਦੇ ਅਮਲੇ ਨੇ ਇਕ ਔਰਤ ਦਾ ਜਣੇਪਾ ਕਰਵਾਉਣ ਤੋਂ ਨਾਂਹ ਕਰ ਦਿੱਤੀ ਸੀ ਤੇ ਉਸ ਔਰਤ ਨੇ ਹਸਪਤਾਲ ਦੇ ਵਰਾਂਡੇ ਵਿੱਚ ਇੱਕ ਬੱਚੀ ਨੂੰ ਜਨਮ ਦਿੱਤਾ ਸੀ। ਇਸ ਸਬੰਧੀ ਸਿਵਲ ਸਰਜਨ (ਕਾਰਜਕਾਰੀ) ਡਾ. ਆਦਿਤੀ ਸਲਾਰੀਆ ਨੇ ਐੱਸਐੱਮਓ ਨੂੰ ਇੱਕ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸੇ ਦੌਰਾਨ ਪ੍ਰਿੰਸੀਪਲ ਸੈਕਟਰੀ (ਸਿਹਤ) ਦੇ ਨਿਰਦੇਸ਼ਾਂ ’ਤੇ ਸਿਵਲ ਸਰਜਨ ਵੱਲੋਂ ਇਸ ਮਾਮਲੇ ਵਿੱਚ ਇੱਕ ਕਮੇਟੀ ਬਣਾ ਕੇ ਜਾਂਚ ਦੇ ਹੁਕਮ ਦਿੱਤੇ ਗਏ ਹਨ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਕਿਤ ਮਹਾਜਨ ਤੇ ਹੋਰਨਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਅੱਜ ਦੀ ਕਾਰਵਾਈ ਕੀਤੀ ਗਈ ਹੈ। ਇਸ ਵਿੱਚ ਕਮਿਸ਼ਨ ਨੇ ਡਿਵੀਜ਼ਨਲ ਕਮਿਸ਼ਨਰ ਜਲੰਧਰ ਡਿਵੀਜ਼ਨ, ਡਿਪਟੀ ਕਮਿਸ਼ਨਰ ਪਠਾਨਕੋਟ, ਜ਼ਿਲ੍ਹਾ ਪੁਲੀਸ ਮੁਖੀ, ਸੀਐੱਮਓ ਪਠਾਨਕੋਟ ਨੂੰ ਇਸ ਦੀ ਪੂਰੀ ਰਿਪੋਰਟ ਹਫ਼ਤੇ ਵਿੱਚ ਦੇਣ ਦੇ ਨਿਰਦੇਸ਼ ਦਿੱਤੇ ਹਨ ਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਅਦਾਲਤੀ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਗਈ ਹੈ।