ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਪਰੈਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਸੇਰਾ ਸਕੀਮ ਤਹਿਤ 3245 ਹੋਰ ਝੁੱਗੀ-ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਪ੍ਰਦਾਨ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਘਰਾਂ ਨੂੰ ਇਹ ਮਾਲਕਾਨਾਂ ਹੱਕ ਦਿੱਤੇ ਜਾਣ ਦੀ ਪ੍ਰਕਿਰਿਆ ਪੂਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੁੱਖ ਮੰਤਰੀ ਝੁੱਗੀ-ਝੌਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਤਹਿਤ ਉੱਚ ਤਾਕਤੀ ਕਮੇਟੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗ ਨੂੰ ਤਸਦੀਕ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਕਰਕੇ ਵੱਧ ਤੋਂ ਵੱਧ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਦੇਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਵੱਖੋ-ਵੱਖ ਜ਼ਿਲ੍ਹਿਆਂ ਵਿੱਚ ਇਸ ਸਕੀਮ ਤਹਿਤ ਹੋਈ ਪ੍ਰਗਤੀ ਦੀ ਸਮੀਖਿਆ ਵੀ ਕੀਤੀ। ਜਿਨ੍ਹਾਂ 3245 ਘਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ 12 ਝੁੱਗੀ-ਝੌਂਪੜੀ ਵਾਲੇ ਘਰ ਫਰੀਦਕੋਟ, ਸੰਗਰੂਰ ਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਵਿੱਚ ਸਥਿਤ ਹਨ।