ਚੰਡੀਗੜ੍ਹ, 21 ਨਵੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਰਾਜਧਾਨੀ ਵਿੱਚ ਕੋਵਿਡ-19 ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਦਿੱਲੀ ਨੂੰ ਇਸ ਸੰਕਟ ਦੇ ਟਾਕਰੇ ਲਈ ਹਰ ਸੰਭਵ ਮਦਦ ਦੇਣ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਦੂਜੇ ਸੰਭਾਵੀ ਹੱਲੇ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਸਿਹਤ ਸਹੂਲਤਾਂ ਪੱਖੋਂ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਸੂਬੇ ਵਿੱਚ ਕਰੋਨਾ ਮਹਾਮਾਰੀ ਨੂੰ ਠੱਲ੍ਹਣ ਲਈ ਡਾਕਟਰਾਂ ਤੇ ਸਿਹਤ ਸੰਭਾਲ ’ਚ ਲੱਗੇ ਕਾਮਿਆਂ ਤੇ ਮੂਹਰਲੀਆਂ ਸਫ਼ਾਂ ’ਚ ਕੰਮ ਕਰ ਰਹੇ ਹੋਰਨਾਂ ਵਰਕਰਾਂ ਵੱਲੋਂ ਕੀਤੇ ਯਤਨਾਂ ਦੀ ਤਾਰੀਫ਼ ਕੀਤੀ। ਮੁੱਖ ਮੰਤਰੀ ਨੇ ਡਾਕਟਰਾਂ ਤੇ ਸਿਹਤ ਕਾਮਿਆਂ ਨੂੰ ਵਰਚੁਅਲ ਕਾਨਫਰੰਸ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤਕ ਕੋਵਿਡ ਲਈ ਵੈਕਸੀਨ ਨਹੀਂ ਆ ਜਾਂਦੀ ‘ਮਾਸਕ ਹੀ ਵੈਕਸੀਨ ਹੈ।’ ਸੂਬੇ ਵਿੱਚ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦਾ ਵਰਚੁਅਲੀ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਦੇ ਸ਼ੁਰੂ ਹੋਣ ਨਾਲ ਸ਼ਹਿਰਾਂ ਤੇ ਪਿੰਡਾਂ ਵਿੱਚ ਮਰੀਜ਼ਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤਕ ਸਿਹਤ ਸੇਵਾਵਾਂ ਮਿਲਣਗੀਆਂ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੱਧੂ ਵੀ ਮੌਜੂਦ ਸਨ।