ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਕਤੂਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਕਿਸਾਨੀ ਸੰਘਰਸ਼ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੋਗਲੀ ਨੀਤੀ ਅਪਣਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਾਲੇ ਕਾਨੂੰਨਾਂ ਬਾਰੇ ਪੰਜਾਬ ਸਰਕਾਰ ਵੱਲੋਂ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਨੂੰ ਅੱਖਾਂ ਵਿੱਚ ਘੱਟਾ ਕਰਾਰ ਦਿੰਦਿਆਂ ਕਿਹਾ ਕਿ ਐਨੇ ਵੱਡੇ ਮੁੱਦੇ ’ਤੇ ਘੱਟੋ-ਘੱਟ 7 ਦਿਨ ਦਾ ਸੈਸ਼ਨ ਹੋਣਾ ਚਾਹੀਦਾ ਸੀ ਅਤੇ ਸੈਸ਼ਨ ਤੋਂ ਪਹਿਲਾਂ ਸਾਰੀਆਂ ਸਿਆਸੀ ਧਿਰਾਂ ਸਮੇਤ ਖੇਤੀ ਮਾਹਿਰਾਂ, ਕਿਸਾਨ ਜਥੇਬੰਦੀਆਂ ਅਤੇ ਸਾਰੇ ਪ੍ਰਭਾਵਿਤ ਵਰਗਾਂ ਦੇ ਨੁਮਾਇੰਦਿਆਂ ਨਾਲ ਸਾਂਝੀ ਬੈਠਕ ਬੁਲਾਉਣੀ ਚਾਹੀਦੀ ਸੀ। ਚੀਮਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਗੰਭੀਰ ਅਤੇ ਸਪੱਸ਼ਟ ਹੁੰਦੀ ਤਾਂ ਹੁਣ ਤੱਕ ਸਾਰੀਆਂ ਧਿਰਾਂ ਨੂੰ ਪਤਾ ਹੁੰਦਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਰਕਾਰ ਕਿਹੜਾ ਵਿਧਾਨ ਕਦਮ ਉਠਾਉਣ ਜਾ ਰਹੀ ਹੈ ਪਰ ਹਾਲੇ ਤੱਕ ਸਰਕਾਰ ਦੀ ਤਰਫ਼ੋਂ ਕੋਈ ਏਜੰਡਾ ਮੁੱਖ ਵਿਰੋਧੀ ਧਿਰ ਹੋਣ ਦੇ ਨਾਤੇ ‘ਆਪ’ ਕੋਲ ਵੀ ਨਹੀਂ ਭੇਜਿਆ ਗਿਆ।