ਪਰਮਜੀਤ ਸਿੰਘ
ਫਾਜ਼ਿਲਕਾ, 22 ਜੁਲਾਈ
ਫ਼ਾਜ਼ਿਲਕਾ ਦੇ ਲਮੋਚੜ ਕਲਾਂ ਦੇ ਸਮਾਜ ਸੇਵੀ ਨੌਜਵਾਨ ਰਣਜੀਤ ਸਿੰਘ ‘ਤੇ ਕੁਝ ਨੌਜਵਾਨਾਂ ਨੇ ਇਸ ਕਰਕੇ ਹਮਲਾ ਕਰ ਦਿੱਤਾ, ਕਿਉਂਕਿ ਉਸ ਨੇ ਕੁਝ ਦਿਨ ਪਹਿਲਾਂ ਆਪਣੇ ਕੋਚਿੰਗ ਸੈਂਟਰ ਵਿੱਚ ਆਉਂਦੇ ਕੁਝ ਨੌਜਵਾਨਾਂ ਨੂੰ ਕੁੜੀਆਂ ਨਾਲ ਗਲਤ ਹਰਕਤਾਂ ਕਰਨ ਤੋਂ ਵਰਜਿਆ ਸੀ ਤੇ ਥਾਣਾ ਸਦਰ ਜਲਾਲਾਬਾਦ ਵਿਖੇ ਸ਼ਿਕਾਇਤ ਵੀ ਕੀਤੀ ਸੀ। ਸਿੱਖਿਆ ਵਿਭਾਗ ਵਿੱਚ ਮੁਲਾਜ਼ਮ ਰਣਜੀਤ ਸਿੰਘ ‘ਤੇ ਜਾਨਲੇਵਾ ਹਮਲਾ ਹੋਣ ਦਾ ਪਤਾ ਚੱਲਣ ‘ਤੇ ਸੈਂਕੜਿਆਂ ਦੀ ਗਿਣਤੀ ਵਿੱਚ ਉਸ ਦੇ ਸਮਰਥਕ ਹਸਪਤਾਲ ਵਿੱਚ ਹਾਜ਼ਰ ਹੋ ਗਏ ਅਤੇ ਉਨ੍ਹਾਂ ਨੇ ਹਮਲਾਵਰ ਦੋਸ਼ੀਆਂ ਖਿਲਾਫ ਕਾਰਵਾਈ ਕਰਵਾਉਣ ਲਈ,ਜਿਥੇ ਪੰਜਾਬ ਪੁਲੀਸ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ, ਉਥੇ ਹੀ ਪੰਜਾਬ ਪੁਲੀਸ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਪੀੜਤ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਨੌਜਵਾਨਾਂ ਨੂੰ ਕੋਚਿੰਗ ਦੇ ਰਹੇ ਹਨ ਅਤੇ ਉਨ੍ਹਾਂ ਦੇ ਸੈਂਟਰ ਵਿਚ ਕੁਝ ਸ਼ਰਾਰਤੀ ਨੌਜਵਾਨ ਕੋਚਿੰਗ ਲੈਣ ਆਉਂਦੇ ਸਨ ਅਤੇ ਲੜਕੀਆਂ ਨਾਲ ਛੇੜਛਾੜ ਕਰਦੇ ਸਨ। ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕਰਨ ਦਾ ਹੀ ਨਤੀਜਾ ਹੈ ਕਿ ਹੁਣ ਉਸ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਹਲਕਾ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਨੇ ਮੌਕੇ ‘ਤੇ ਪਹੁੰਚ ਕੇ ਪੀੜਤ ਦਾ ਹਾਲ ਜਾਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਉਨ੍ਹਾਂ ਨੇ ਪੁਲੀਸ ਨੂੰ ਹਦਾਇਤ ਕਰ ਦਿੱਤੀ ਹੈ ਅਤੇ ਪੀੜਤ ਦਾ ਇਲਾਜ ਕਰਾਉਣ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡੀਐੱਸਪੀ ਜਲਾਲਾਬਾਦ ਪਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਤੁਰੰਤ ਕਾਰਵਾਈ ਕੀਤੀ ਜਾਵੇਗੀ।