ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਸਤੰਬਰ
ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਲਈ ਰਿਹਾਇਸ਼ ਦੀ ਸਹੂਲਤ ਵਿੱਚ ਵਾਧਾ ਕਰਦੇ ਹੋਏ ਚੌਕ ਬਾਬਾ ਸਾਹਿਬ ਵਿਖੇ ਭਾਈ ਜੈਤਾ ਜੀ ਸੰਗਤ ਨਿਵਾਸ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸਰਾਂ ਦੀ ਇਮਾਰਤ ਦੀ ਉਸਾਰੀ ਦੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸੰਪਰਦਾ ਵੱਲੋਂ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਨਤਮਸਤਕ ਹੋਣ ਲਈ ਪੁੱਜਦੀਆਂ ਹਨ, ਜਿਨ੍ਹਾਂ ਦੇ ਵਿਸ਼ਰਾਮ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼ਾਂ ਵਿਚ ਸਮੇਂ-ਸਮੇਂ ਵਾਧਾ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਨਵਾਂ ਯਾਤਰੀ ਨਿਵਾਸ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿਚ ਬੇਸਮੈਂਟ ਤੋਂ ਇਲਾਵਾ 45 ਕਮਰੇ ਅਤੇ 22 ਹਾਲ ਤਿਆਰ ਕੀਤੇ ਜਾਣਗੇ। ਇਸ ਮੌਕੇ ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਜੈਤਾ ਜੀ ਨਿਵਾਸ ਦੀ ਸੇਵਾ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਆਦਿ ਹਾਜ਼ਰ ਸਨ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਚਾਰ ਵਹੀਰਾਂ ਰਵਾਨਾ
ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਪੰਜਾਬ ਦੇ ਸਾਰੇ ਪਿੰਡਾਂ ਤੱਕ ਪਹੁੰਚ ਕਰਨ ਲਈ ਪ੍ਰਚਾਰ ਵਹੀਰਾਂ ਨੂੰ ਰਵਾਨਾ ਕੀਤਾ, ਜੋ ਇਕ ਪਿੰਡ ਵਿਚ ਇਕ ਹਫ਼ਤਾ ਸਿੱਖੀ ਦਾ ਪ੍ਰਚਾਰ ਕਰਨਗੀਆਂ। ਪ੍ਰਚਾਰ ਵਹੀਰਾਂ ਰਵਾਨਾ ਕਰਨ ਮੌਕੇ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਹਿਲਾਂ ਕਰੋਨਾ ਕਾਰਨ ਪਿੰਡਾਂ ਅੰਦਰ ਸਮਾਗਮ ਨਹੀਂ ਕੀਤੇ ਜਾ ਸਕੇ ਸਨ, ਜਿਨ੍ਹਾਂ ਨੂੰ ਹੁਣ ਸ਼ੁਰੂ ਕੀਤਾ ਗਿਆ ਹੈ।