ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਮਈ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ 9 ਮਈ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਕਿਸਾਨਾਂ ਨੂੰ ਕਣਕ ਦਾ ਝਾੜ ਘੱਟ ਨਿਕਲਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਾਰਟੀ ਨੇ ਮੰਗ ਕੀਤੀ ਸਰਕਾਰ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡ ਕੇ 24 ਜੂਨ ਤੱਕ ਝੋਨਾ ਲਾਉਣ ਦੇ ਫ਼ੈਸਲੇ ਦੀ ਤੁਰੰਤ ਸਮੀਖਿਆ ਕੀਤੀ ਜਾਵੇ। ਅਕਾਲੀ ਦਲ ਨੇ ‘ਆਪ’ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਕਰਜ਼ਈ ਕਿਸਾਨਾਂ, ਰਾਜ ਸਰਕਾਰ ਤੇ ਕਰਜ਼ਾ ਦੇਣ ਵਾਲੀਆਂ ਏਜੰਸੀਆਂ ਨੂੰ ਤਿੰਨ ਹਿੱਸਿਆਂ ’ਚ ਵੰਡਣ ਦਾ ਫਾਰਮੂਲਾ ਅਪਣਾਵੇ ਅਤੇ ਇਸ ਮਕਸਦ ਵਾਸਤੇ ਲੋਕ ਅਦਾਲਤਾਂ ਲਾਈਆਂ ਜਾਣ। ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੱਕੀ ਨੌਕਰੀ ਦੇਣ ਦੇ ਵਾਅਦੇ ਨੂੰ ਧੋਖਾ ਕਰਾਰ ਦਿੱਤਾ ਤੇ ਸੂਬੇ ਦੇ ਵਿੱਤ ਮੰਤਰੀ ਖ਼ਿਲਾਫ਼ ਪਨਬੱਸ ਵਿੱਚ 1337 ਅਸਾਮੀਆਂ ਆਊਟ-ਸੋਰਸਿੰਗ ਰਾਹੀਂ ਭਰਨ ਲਈ 2 ਮਈ ਨੂੰ ਪ੍ਰਵਾਨਗੀ ਦੇਣ ਦੇ ਦੋਸ਼ ਲਾਏ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸੂਬਾ ਵਾਸੀਆਂ ਦੀਆਂ ਮੁਸ਼ਕਲਾਂ ਹੱਲ ਨਾ ਕੀਤੀਆਂ ਗਈਆਂ ਤਾਂ ਫਿਰ ਪਾਰਟੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਆਗੂਆਂ ਨੇ ਕਰਜ਼ੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਕਿਸੇ ਵੀ ‘ਆਪ’ ਆਗੂ ਵੱਲੋਂ ਸਾਰ ਨਾ ਲਏ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦੇਵੇ।