ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਸਤੰਬਰ
ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਵੱਲੋਂ ਦਫ਼ਤਰ ਦਾ ਕਾਰਜਭਾਰ ਨਾ ਦਿੱਤੇ ਜਾਣ ਕਾਰਨ ਇਸ ਸਬੰਧੀ ਵਿਵਾਦ ਵਧਦਾ ਜਾ ਰਿਹਾ ਹੈ। ਨਵੇਂ ਜਨਰਲ ਸਕੱਤਰ ਇੰਦਰਜੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਭੇਜ ਕੇ ਇਸ ਮਾਮਲੇ ਬਾਰੇ ਜਾਣੂ ਕਰਾਇਆ ਗਿਆ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਭੇਜੀ ਗਈ ਤਿੰਨ ਮੈਂਬਰੀ ਕਮੇਟੀ ਦੇ ਸਾਹਮਣੇ ਸਾਬਕਾ ਜਨਰਲ ਸਕੱਤਰ ਮਹਿੰਦਰਪਾਲ ਸਿੰਘ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਉਹ ਦਫ਼ਤਰ ਦਾ ਚਾਰਜ ਦੇ ਦੇਵੇਗਾ ਅਤੇ ਅਦਾਲਤ ਵਿੱਚ ਦਾਇਰ ਕੀਤੇ ਕੇਸ ਵੀ ਵਾਪਸ ਲੈ ਲਵੇਗਾ। ਇਸ ਸਬੰਧ ਵਿੱਚ ਲਿਖਤੀ ਕਾਰਵਾਈ ਵੀ ਕੀਤੀ ਗਈ ਸੀ। ਉਨ੍ਹਾਂ ਸ਼ਿਕਾਇਤ ਕੀਤੀ ਹੈ ਕਿ ਇੱਕ ਸਤੰਬਰ ਦੀ ਸ਼ਾਮ ਨੂੰ ਹੀ ਸਾਬਕਾ ਜਨਰਲ ਸਕੱਤਰ ਵੱਲੋਂ ਦਿੱਤੇ ਭਰੋਸੇ ਦੇ ਉਲਟ ਅਦਾਲਤ ਵਿਚ ਇਕ ਹੋਰ ਨਵਾਂ ਕੇਸ ਦਾਇਰ ਕਰਕੇ ਤਖ਼ਤ ਦੀ ਮਾਣ ਮਰਿਆਦਾ ਨੂੰ ਸੱਟ ਮਾਰੀ ਗਈ ਹੈ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਸਿੱਖ ਆਗੂ ਸੁਖਦੇਵ ਸਿੰਘ ਬਘੌਰਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜਣ ਅਤੇ ਸਾਬਕਾ ਜਨਰਲ ਸਕੱਤਰ ਖ਼ਿਲਾਫ਼ ਯੋਗ ਕਾਰਵਾਈ ਕਰਵਾਉਣ।