ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਾ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ 20ਵੇਂ ਦਿਨ ਵੀ ਜਾਰੀ ਰਹੀ। ਵੱਖ-ਵੱਖ ਥਾਵਾਂ ਤੋਂ ਪੁੱਜੇ ਕੰੰਪਿਊਟਰ ਅਧਿਆਪਕਾਂ ਵੱਲੋਂ ਭੁੱਖ ਹੜਤਾਲੀ ਕੈਂਪ ਵਿੱਚ ਧਰਨਾ ਦਿੰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ। ਮਹਿਲਾ ਕੰਪਿਊਟਰ ਅਧਿਆਪਕਾਂ ਵੱਲੋਂ 21 ਸਤੰਬਰ ਨੂੰ ਸੰਗਰੂਰ ਸ਼ਹਿਰ ਵਿਚ ਜਾਗੋ ਕੱਢੀ ਜਾਵੇਗੀ ਅਤੇ ਸਰਕਾਰ ਦੇ ਵਾਅਦਿਆਂ ਦੀ ਪੋਲ ਖੋਲ੍ਹੀ ਜਾਵੇਗੀ। ਕੰਪਿਊਟਰ ਅਧਿਆਪਕਾਂ ਦੇ ਭੁੱਖ ਹੜਤਾਲੀ ਕੈਂਪ ਵਿੱਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸ਼ਾਮਲ ਹੋ ਕੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ। ਸੰਘਰਸ਼ ਕਮੇਟੀ ਦੇ ਸੂਬਾ ਆਗੂ ਪਰਮਵੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਨਰਦੀਪ ਸ਼ਰਮਾ ਨੇ ਕਿਹਾ ਕਿ ‘ਆਪ’ ਨੇ ਚੋਣਾਂ ਤੋਂ ਪਹਿਲਾਂ ਸਰਕਾਰ ਬਣਨ ’ਤੇ ਤੁਰੰਤ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਸੀ ਪਰ ਢਾਈ ਸਾਲ ਬੀਤਣ ’ਤੇ ਵੀ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕੰਪਿਊਟਰ ਅਧਿਆਪਕਾਂ ਨੂੰ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਸੰਘਰਸ਼ ਕਮੇਟੀ ਵੱਲੋਂ ਭਲਕੇ ਆਪਣੀਆਂ ਮੰਗਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਧਰਨੇ ਵਾਲੇ ਸਥਾਨ ਤੋਂ ਸਦਰ ਬਜ਼ਾਰ ਵਿੱਚੋਂ ਹੁੰਦੇ ਹੋਏ ਵੱਡੇ ਚੌਕ ਤੱਕ ਜਾਗੋ ਕੱਢੀ ਜਾਵੇਗੀ।