ਚਰਨਜੀਤ ਭੁੱਲਰ
ਚੰਡੀਗੜ੍ਹ, 11 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀਆਂ ਦੀ ਬੇਪਰਵਾਹੀ ਵਾਲੇ ਸੁਭਾਅ ਤੋਂ ਫ਼ਿਕਰਮੰਦ ਹਨ, ਕਿਉਂਕਿ ਇਸ ਸੁਭਾਅ ਕਰਕੇ ਕੋਵਿਡ ਕੇਸਾਂ ਦੀ ਗਿਣਤੀ ਵਧ ਰਹੀ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀਆਂ ਦੇ ‘ਕੋਈ ਗੱਲ ਨਹੀਂ’ ਵਾਲੀ ਬੇਪ੍ਰਵਾਹ ਧਾਰਨਾ ਕਾਰਨ ਟੈਸਟ ਅਤੇ ਇਲਾਜ ਵਿੱਚ ਦੇਰੀ ਹੋਣ ਕਾਰਨ ਸੂਬੇ ਵਿੱਚ ਕੋਵਿਡ ਦੇ ਵਧਦੇ ਕੇਸ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਚੰਗੀ ਧਾਰਨਾ ਹੈ ਪਰ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕੁਝ ਮਾਮਲਿਆਂ ਵਿੱਚ ਇਹ ਨੁਕਸਾਨਦੇਹ ਸਿੱਧ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾਲੋਂ ਪੰਜਾਬ ਦੀ ਵੱਧ ਮੌਤ ਦਰ ਇਸੇ ਸੁਭਾਅ ਕਾਰਨ ਹੈ, ਕਿਉਂਕਿ ਪੰਜਾਬੀ ਹਸਪਤਾਲ ਜਾਣ ਵਿੱਚ ਉਦੋਂ ਤੱਕ ਦੇਰੀ ਕਰਦੇ ਹਨ ਜਦੋਂ ਤੱਕ ਲਾਜ਼ਮੀ ਨਹੀਂ ਹੋ ਜਾਂਦਾ। ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਦੇਸ਼ ਦੇ ਉੱਘੇ ਸਨਅਤਕਾਰਾਂ ਨਾਲ ਦਿਨ ਭਰ ਚੱਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਹ ਗੱਲਾਂ ਕਹੀਆਂ, ਜਿਸ ਮੀਟਿੰਗ ਦੀ ਅਗਵਾਈ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕੀਤੀ। ਮੁੱਖ ਮੰਤਰੀ ਨੇ ਚੰਡੀਗੜ੍ਹ ਯੂਨੀਵਰਸਿਟੀ ਦਾ ਇਸ ਗੱਲੋਂ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਕੋਵਿਡ ਦੇ ਸੰਕਟ ਦੌਰਾਨ ਸਭ ਤੋਂ ਪਹਿਲਾਂ ਆਪਣੇ ਕੈਂਪਸ ਨੂੰ 1000 ਬਿਸਤਰਿਆਂ ਦਾ ਕੋਵਿਡ ਕੇਅਰ ਸੈਂਟਰ ਬਣਾਉਣ ਦੀ ਪਹਿਲ ਕੀਤੀ।
ਉਦਯੋਗ ਜਗਤ ਦੀਆਂ ਵੱਡੀਆਂ ਹਸਤੀਆਂ ਨੂੰ ਪੰਜਾਬ ਆਉਣ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਉਦਯੋਗੀਕਰਨ ਮਾਹੌਲ ਦਾ ਜਾਇਜ਼ਾ ਲੈਣ ਦਾ ਸੱਦਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਉਦਯੋਗ ਪੱਖੀ ਨੀਤੀਆਂ, ਨਿਰਵਿਘਨ ਸੰਪਰਕ ਸਿਸਟਮ, ਉੱਚ ਪੱਧਰੀ ਬੁਨਿਆਦੀ ਢਾਂਚਾ, ਹੁਨਰਮੰਦ ਕਿਰਤ ਦੇ ਨਾਲ ਹੁਨਰ ਵਿਕਾਸ ਅਤੇ ਬਿਹਤਰੀਨ ਪਲੇਸਮੈਂਟ ਦੇ ਮੌਕੇ ਪ੍ਰਦਾਨ ਕਰਨ ਵਾਲੀਆਂ ਨਾਮੀ ਵਿੱਦਿਅਕ ਸੰਸਥਾਵਾਂ ਨੇ ਪੰਜਾਬ ਨੂੰ ਨਿਵੇਸ਼ ਲਈ ਢੁਕਵਾਂ ਸਥਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਸੰਕਟ ਨੇ ਖੇਤੀਬਾੜੀ ਨੂੰ ਵੀ ਪ੍ਰਭਾਵਿਤ ਕੀਤਾ ਹੈ ਅਤੇ ਸੂਬੇ ਨੂੰ ਮੁਸ਼ਕਲ ਸਥਿਤੀ ਵਿੱਚ ਪਾ ਦਿੱਤਾ ਹੈ। ਖੇਤੀਬਾੜੀ ਹੁਣ ਟਿਕਾਊ ਵਿਕਾਸ ਦਾ ਖੇਤਰ ਨਾ ਰਹਿਣ ਕਾਰਨ ਉਨ੍ਹਾਂ ਦੀ ਸਰਕਾਰ ਨੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ, ਨਿਵੇਸ਼ ਦੀਆਂ ਆਕਰਸ਼ਕ ਸੰਭਾਵਨਾ ਸਮੇਤ ਵੱਖ-ਵੱਖ ਰਿਆਇਤਾਂ ਤੇ ਨੀਤੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਰਾਹ ਖੋਲ੍ਹਦੀਆਂ ਹਨ। ਉਨ੍ਹਾਂ ਦੱਸਿਆ ਕਿ ਕੋਵਿਡ ਦੌਰਾਨ ਵੀ ਸੂਬੇ ਨੂੰ ਕਰੀਬਨ 2500 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ। ਤਾਲਾਬੰਦੀ ਹਟਾਉਣ ਮਗਰੋਂ ਪਰਵਾਸੀ ਮਜ਼ਦੂਰ ਵੀ ਪਰਤ ਰਹੇ ਹਨ।