ਆਤਿਸ਼ ਗੁਪਤਾ
ਚੰਡੀਗੜ੍ਹ, 2 ਨਵੰਬਰ
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਭਰ ਦੇ ਟੌਲ ਪਲਾਜ਼ਿਆਂ, ਰੇਲਵੇ ਪਾਰਕਾਂ, ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ ਦੇ ਬਾਹਰ, ਪੈਟਰੋਲ ਪੰਪ ਅਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਸਣੇ ਸਵਾ ਸੌ ਤੋਂ ਵੱਧ ਥਾਵਾਂ ’ਤੇ ਰੋਸ ਪ੍ਰਦਰਸ਼ਨ ਜਾਰੀ ਰਹੇ। ਇਸ ਮੌਕੇ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗੁਲਾਬੀ ਸੁੰਡੀ ਪੀੜਤ ਕਿਸਾਨਾਂ ਲਈ ਐਲਾਨੇ ਨਾਂ-ਮਾਤਰ ਮੁਆਵਜ਼ੇ ਨੂੰ ‘ਦੀਵਾਲੀ ਦਾ ਤੋਹਫ਼ਾ’ ਕਹਿਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਵੱਲੋਂ ਨਰਮੇ ਦੀ ਫ਼ਸਲ ’ਤੇ ਖ਼ਰਚ ਕੀਤੀ ਲਾਗਤ ਦਾ 10 ਤੋਂ 15 ਫ਼ੀਸਦ ਹਿੱਸਾ ਹੀ ਮੁਆਵਜ਼ੇ ਵਜੋਂ ਦਿੱਤਾ ਹੈ। ਉਸ ਤੋਂ ਬਾਅਦ ‘ਦੀਵਾਲੀ ਦਾ ਤੋਹਫ਼ਾ’ ਦੱਸ ਕੇ ਸਿਆਸੀ ਲਾਹਾ ਲੈਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ-ਏਕਤਾ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਕੋਈ ਭੀਖ ਨਹੀਂ ਦਿੱਤੀ। ਪ੍ਰਸ਼ਾਸਨ ਦੇ ਕੀਟਨਾਸ਼ਨਕ/ਬੀਜ ਡੀਲਰਾਂ ਦੇ ਗਠਜੋੜ ਦੇ ਸ਼ਿਕਾਰ ਹੋਏ ਕਿਸਾਨਾਂ ਲਈ ਮੁਆਵਜ਼ਾ ਇੱਕ ਅਧਿਕਾਰ ਹੈ, ਕੋਈ ਤੋਹਫ਼ਾ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਬਣਦਾ ਪੂਰਾ ਮੁਆਵਜ਼ਾ ਦੇਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਬਿਆਨ ਲਈ ਕਿਸਾਨਾਂ ਤੋਂ ਮੁਆਫ਼ੀ ਮੰਗਣ। ਕਿਸਾਨ ਆਗੂਆਂ ਨੇ ਡੀਏਪੀ ਖਾਦ ਦੀ ਕਿੱਲਤ ਦਾ ਮੁੱਦਾ ਅੱਜ ਫਿਰ ਚੁੱਕਿਆ।