ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਜਨਵਰੀ
ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਆਈਏਐੱਸ ਅਫਸਰ ਤੇ ਭਾਜਪਾ ਉਮੀਦਵਾਰ ਜਗਮੋਹਨ ਸਿੰਘ ਰਾਜੂ ਅੱਜ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਹਨ ਅਤੇ ਉਨ੍ਹਾਂ ਚੋਣ ਸਬੰਧੀ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਅਤੇ ਵਿਕਾਸ ਦੇ ਮੁੱਦੇ ਨੂੰ ਲੈ ਕੇ ਚੋਣ ਲੜਨਗੇ। ਸ੍ਰੀ ਰਾਜੂ ਨੇ ਕੁਝ ਦਿਨ ਪਹਿਲਾਂ ਹੀ ਨੌਕਰੀ ਤੋਂ ਸੇਵਾਮੁਕਤੀ ਲਈ ਹੈ। ਉਹ ਤਾਮਿਲ ਨਾਡੂ ਵਿੱਚ ਸਕੱਤਰ ਪੱਧਰ ਦੇ ਅਧਿਕਾਰੀ ਸਨ। ਅੱਜ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਦਲਿਤ ਪਰਿਵਾਰ ਨਾਲ ਸਬੰਧਤ ਹਨ ਅਤੇ ਦਲਿਤਾਂ ਖ਼ਿਲਾਫ਼ ਹੁੰਦੀਆਂ ਵਧੀਕੀਆਂ ਤੋਂ ਭਲੀਭਾਂਤ ਜਾਣੂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ ਦੋਵਾਂ ਨੇ ਦਲਿਤਾਂ ਨੂੰ ਆਪਣੇ ਵੋਟ ਬੈਂਕ ਵਜੋਂ ਵਰਤਿਆ ਹੈ ਅਤੇ ਮੰਤਵ ਪੂਰਾ ਹੋਣ ਮਗਰੋਂ ਉਨ੍ਹਾਂ ਨੂੰ ਅਣਗੌਲਿਆ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਦਲਿਤ ਵਿਰੋਧੀ ਹਨ। ਇਸੇ ਲਈ ਉਨ੍ਹਾਂ ਨੂੰ ਕਿਸੇ ਵੀ ਦਲਿਤ ਦਾ ਆਪਣੇ ਤੋਂ ਅਗਾਂਹ ਨਿਕਲ ਜਾਣਾ ਪਸੰਦ ਨਹੀਂ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹੁੰਦਿਆਂ ਸ੍ਰੀ ਸਿੱਧੂ ਨੇ ਆਪਣੇ ਹਲਕੇ ਲਈ ਕੁਝ ਨਹੀਂ ਕੀਤਾ। ਇਸ ਲਈ ਅਗਾਂਹ ਵੀ ਉਨ੍ਹਾਂ ਕੋਲੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ। ਭਾਜਪਾ ਉਮੀਦਵਾਰ ਨੇ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਹ ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਹ ਆਪਣੇ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨ ਕਰਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਈ ਵੀ ਵਰਗ ਚੰਨੀ ਸਰਕਾਰ ਤੋਂ ਖੁਸ਼ ਨਹੀਂ ਹੈ। ਰਵਾਇਤੀ ਕਾਂਗਰਸੀ ਅਤੇ ਅਕਾਲੀ ਸਰਕਾਰ ਦੀਆਂ ਨੀਤੀਆਂ ਕਾਰਨ ਸੂਬਾ 3 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਦੱਬਿਆ ਹੋਇਆ ਹੈ।