ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 7 ਫਰਵਰੀ
ਆਮ ਆਦਮੀ ਪਾਰਟੀ ਦੇ ਦਿੜ੍ਹਬਾ ਤੋਂ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੇ ਕੁਝ ਸਾਬਕਾ ਸਰਪੰਚ, ਪੰਚ ਅਤੇ ਕਈ ਪਰਿਵਾਰਾਂ ਨੂੰ ਪਾਰਟੀ ’ਚ ਸ਼ਾਮਲ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਬਹੁਤ ਬਲ ਮਿਲਿਆ ਹੈ ਤੇ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ’ਤੇ ਲੋਕਾਂ ਦੀ ਸਹਿਮਤੀ ਦੀ ਮੋਹਰ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਲਕਾ ਦਿੜ੍ਹਬਾ ਦੇ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਲਈ ਤਿਆਰ ਹਨ ਕਿਉਂਕਿ ਪੂਰੇ ਪੰਜਾਬ ਵਿੱਚ ‘ਆਪ’ ਦੇ ਹੱਕ ਵਿੱਚ ਹਵਾ ਚੱਲ ਰਹੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਪਿਛਲੇ 75 ਸਾਲਾਂ ਤੋਂ ਕਾਂਗਰਸ, ਭਾਜਪਾ ਤੇ ਅਕਾਲੀ ਦਲ ਮਿਲ ਕੇ ਪੰਜਾਬ ਨੂੰ ਬਰਬਾਦ ਕਰ ਰਹੀਆਂ ਹਨ।