ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਸਬੰਧੀ ਸਿੱਖਾਂ ਨੂੰ ਇਨਸਾਫ਼ ਨਹੀਂ ਦਿਵਾ ਸਕੀ ਹੈ। ਸ੍ਰੀ ਢੀਂਡਸਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ), ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਦੇ ਗੱਠਜੋੜ ਵਾਲੀ ਸਰਕਾਰ ਬਣਨ ’ਤੇ ਪਹਿਲ ਦੇ ਅਧਾਰ ’ਤੇ ਬੇਅਦਬੀ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾ ਕੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦਿਨਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ਼ ਦੇਣ ਦੇ ਵਾਅਦੇ ਕੀਤੇ ਗਏ ਪਰ ਹੁਣ ਇਹ ਗੱਲ ਪੂਰੀ ਤਰ੍ਹਾਂ ਸਾਫ਼ ਹੋ ਚੁੱਕੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਨਾਂ ’ਤੇ ਕਾਂਗਰਸ ਸਰਕਾਰ ਲੋਕਾਂ ਨੂੰ ਸਿਰਫ ਗੁਮਰਾਹ ਕਰ ਰਹੀ ਸੀ ਅਤੇ ਅਜਿਹਾ ਕਰਕੇ ਕਾਂਗਰਸ ਨੇ ਇਕ ਵਾਰੀ ਫਿਰ ਸਿੱਖਾਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਨੂੰ ਵੇਖਦੇ ਹੋਏ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਹੋਣੀ ਲਾਜ਼ਮੀ ਹੈ। ਢੀਂਡਸਾ ਨੇ ਦੋਸ਼ ਲਾਇਆ ਕਿ ਨਵਜੋਤ ਸਿੰਘ ਸਿੱਧੂ ਵੀ ਪੰਜਾਬ ਹਿਤੈਸ਼ੀ ਹੋਣ ਦਾ ਡਰਾਮਾ ਕਰ ਕੇ ਸਿਰਫ਼ ਆਪਣੇ ਸਿਆਸੀ ਏਜੰਡੇ ’ਤੇ ਲਾਭ ਲਈ ਕੰਮ ਕਰ ਰਹੇ ਹਨ।