ਪਟਿਆਲਾ (ਖੇਤਰੀ ਪ੍ਰਤੀਨਿਧ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਸਹੁੰ ਚੁੱਕ ਸਮਾਗਮ ਵਿੱਚ 1984 ਦੇ ਦਿੱਲੀ ਸਿੱਖ ਕਤਲੇਆਮ ਕੇਸ ਵਿੱਚ ਨਾਮਜ਼ਦ ਜਗਦੀਸ਼ ਟਾਈਟਲਰ ਨੂੰ ਸ਼ਾਮਲ ਕਰਨ ਦੀ ਕਾਰਵਾਈ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕਣ ਦੇ ਤੁਲ ਹੈ। ਇਸ ਕਾਰਵਾਈ ਨੇ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਹਮੇਸ਼ਾ ਹੀ ਸਿੱਖਾਂ ਦੇ ਕਾਤਲਾਂ ਨੂੰ ਮਾਣ-ਸਨਮਾਨ ਦੇ ਕੇ ਨਿਵਾਜਦੀ ਆ ਰਹੀ ਹੈ। ਉਨ੍ਹਾਂ ਕਾਂਗਰਸ ’ਤੇ ਸਿੱਖ ਵਿਰੋਧੀ ਹੋਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਅਜਿਹੀ ਹਰਕਤ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।