ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਸਤੰਬਰ
ਪੰਜਾਬ ਵਿਧਾਨ ਸਭਾ ਵਿੱਚ ਇਜਲਾਸ ਦੇ ਪਹਿਲੇ ਦਿਨ ਅੱਜ ਸਪੀਕਰ ਵੱਲੋਂ ਵਿਰੋਧੀ ਧਿਰ ਨੂੰ ਬਾਹਰ ਦਾ ਰਾਹ ਦਿਖਾਉਣ ’ਤੇ ਰੋਹ ’ਚ ਆਏ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਹੰਗਾਮਾ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸੀ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਵਿਧਾਨ ਸਭਾ ਦੇ ਬਾਹਰ ਰੋਸ ਧਰਨਾ ਦਿੱਤਾ ਅਤੇ ਮੌਕ ਸੈਸ਼ਨ ਵੀ ਚਲਾਇਆ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ‘ਅਪਰੇਸ਼ਨ ਲੋਟਸ’ ਨੂੰ ਭਗਵੰਤ ਮਾਨ ਸਰਕਾਰ ਦੀ ਕਲਪਨਾ ਕਰਾਰ ਦਿੱਤਾ ਤੇ ਭਰੋਸਗੀ ਮਤੇ ਦੀ ਆਲੋਚਨਾ ਕੀਤੀ।
ਕਾਂਗਰਸੀ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਧਾਨ ਸਭਾ ’ਚ ਭਰੋਸਗੀ ਮਤਾ ਕਾਇਦੇ ਕਾਨੂੰਨ ਨੂੰ ਛਿੱਕੇ ਟੰਗ ਕੇ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਜਿਸ ਮਤੇ ਨੂੰ ਰਾਜਪਾਲ ਨੇ ਪ੍ਰਵਾਨਗੀ ਨਹੀਂ ਦਿੱਤੀ ਉਸ ਮਤੇ ਨੂੰ ਸਪੀਕਰ ਨੇ ਪ੍ਰਵਾਨਗੀ ਦੇ ਕੇ ਲੋਕਰਾਜੀ ਕਦਰਾਂ ਕੀਮਤਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੂੰ ਸਦਨ ’ਚੋਂ ਬਾਹਰ ਕੱਢਣਾ ਜਮਹੂਰੀਅਤ ਦਾ ਕਤਲ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਕਦੇ ਵੀ ਸਰਕਾਰ ਵਿਰੁੱਧ ਬੇਭਰੋਸਗੀ ਮਤੇ ਦੀ ਮੰਗ ਨਹੀਂ ਸੀ ਕੀਤੀ, ਇਸ ਲਈ ਸਦਨ ’ਚ ਬਹੁਮਤ ਸਾਬਤ ਕਰਨ ਦੀ ਕੋਈ ਲੋੜ ਨਹੀਂ ਸੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗ ਕੀਤੀ ਕਿ ਸਦਨ ਨੂੰ ਗੁਮਰਾਹ ਤੇ ਰਾਜਪਾਲ ਨੂੰ ਧੋਖੇ ’ਚ ਰੱਖਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਲੋਕਾਂ ਦਾ ਧਿਆਨ ਭਖਦੇ ਮੁੱਦਿਆਂ ਤੋਂ ਲਾਂਭੇ ਕਰਨ ਲਈ ‘ਅਪਰੇਸ਼ਨ ਲੋਟਸ ’ ਦਾ ਰੌਲਾ ਪਾਇਆ ਗਿਆ ਹੈ ਜਦੋਂ ਕਿ ਵਿਰੋਧੀ ਧਿਰ ਜਨਤਕ ਮਸਲਿਆਂ ’ਤੇ ਗੱਲ ਕਰਨਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੂੰ ‘ਦੁੱਕੀ’ ਕਹਿਣਾ ਅਪਮਾਨਜਨਕ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੁਣੌਤੀ ਦਿੱਤੀ ਕਿ ਜੇਕਰ ਸਰਕਾਰ ਬਹੁਮਤ ਸਾਬਤ ਕਰਨ ਲਈ ਏਨੀ ਹੀ ਕਾਹਲੀ ਹੈ ਤਾਂ ਮੁੜ ਅਸੈਂਬਲੀ ਚੋਣਾਂ ਕਰਾ ਕੇ ਲੋਕਾਂ ਦਾ ਭਰੋਸਾ ਕਿਉਂ ਨਹੀਂ ਹਾਸਲ ਕਰ ਲੈਂਦੀ। ਉਨ੍ਹਾਂ ਕਿਹਾ ਕਿ ‘ਅਪਰੇਸ਼ਨ ਲੋਟਸ’ ਮਹਿਜ਼ ਡਰਾਮਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਜਿੱਥੇ ਵੀ ਚੋਣਾਂ ਲੜਦੀ ਹੈ, ਉੱਥੇ ਕਾਂਗਰਸ ਨੂੰ ਨੁਕਸਾਨ ਤੇ ਭਾਜਪਾ ਨੂੰ ਫਾਇਦਾ ਪਹੁੰਚਾਉਂਦੀ ਹੈ। ਸੈਸ਼ਨ ਤੋਂ ਪਹਿਲਾਂ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵੀ ਹੋਈ, ਜਿਸ ਵਿਚ ਸੈਸ਼ਨ ਬਾਰੇ ਰਣਨੀਤੀ ਘੜੀ ਗਈ।