ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਦਸੰਬਰ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਸਰਕਾਰ ’ਤੇ ਕਿਸਾਨਾਂ ਦੇ ਮਸਲੇ ਹੱਲ ਨਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਕਰ ਕੇ ਡੰਗ ਟਪਾ ਰਹੇ ਹਨ। ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਫ਼ੈਸਲੇ ਵੀ ਅਜੇ ਤੱਕ ਲਾਗੂ ਨਹੀਂ ਹੋਏ ਜਦੋਂਕਿ ਸਰਕਾਰ ਦੇ ਗਿਣਵੇਂ ਦਿਨ ਹੀ ਬਾਕੀ ਰਹਿ ਗਏ ਹਨ। ‘ਆਪ’ ਆਗੂ ਨੇ ਮੰਗ ਕੀਤੀ ਕਿ ਕਾਂਗਰਸ ਕਿਸਾਨਾਂ ਦੇ ਮੁਕੰਮਲ ਕਰਜ਼ੇ ਮੁਆਫ਼ ਕਰਨ ਬਾਰੇ ਆਪਣਾ ਸਟੈਂਡ ਸਪਸ਼ਟ ਕਰੇ। ਸ੍ਰੀ ਸੰਧਵਾਂ ਨੇ ਕਿਹਾ ਕਿ 2017 ਦੀਆਂ ਚੋਣਾਂ ਵੇਲੇ ਕਾਂਗਰਸ ਨੇ ਕਿਸਾਨਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਨਾ ਤਾਂ ਕਰਜ਼ੇ ਮੁਆਫ਼ ਕੀਤੇ ਤੇ ਨਾ ਹੀ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦਿੱਤੀ ਹੈ।